
ਅੰਮ੍ਰਿਤਸਰ, 03 ਮਈ (ਹਿੰ.ਸ.)| ਥਾਣਾ ਮਹਿਤਾ ਚੌਂਕ ਅਧੀਨ ਪੈਂਦੀ ਮਹਿਸਮਪੁਰਾ ਰੋਡ ‘ਤੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅਮਰਜੋਤ ਸਿੰਘ ਵਜੋਂ ਹੋਈ ਹੈ, ਜੋ ਸੁਖਰਾਜ ਸਿੰਘ ਦਾ ਇਕੱਲਾ ਪੁੱਤਰ ਸੀ ਅਤੇ 12ਵੀਂ ਕਲਾਸ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਹੱਤਿਆ ਦੇ ਕਾਰਨਾਂ ਬਾਰੇ ਹਾਲੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਜਦਕਿ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਸ਼ੁਰੂਆਤੀ ਜਾਣਕਾਰੀ ਵਿੱਚ ਪੁਲਿਸ ਨੂੰ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਜਦੋਂ ਥਾਣਾ ਮੇਹਤਾ ਦੇ ਐਸਐਚਓ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤਾਂ ਅਮਰਜੋਤ ਦੀ ਮੌਤ ਹੋ ਚੁੱਕੀ ਸੀ। ਜਾਂਚ ਦੌਰਾਨ ਪਤਾ ਲੱਗਿਆ ਕਿ ਨੌਜਵਾਨ ਦੇ ਸ਼ਰੀਰ ‘ਤੇ ਗੋਲੀਆਂ ਦੇ ਨਿਸ਼ਾਨ ਹਨ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਕਿ ਉਸ ਦੀ ਮੌਤ ਫਾਇਰਿੰਗ ਕਾਰਨ ਹੋਈ ਹੈ।
ਇਸ ਮਾਮਲੇ ਬਾਰੇ ਐਸਐਸਪੀ ਦਿਹਾਤੀ ਸੋਹੇਲ ਮੀਰ ਨੇ ਦੱਸਿਆ ਕਿ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਟੀਮਾਂ ਮਾਮਲੇ ਦੀ ਗਹਿਰਾਈ ਨਾਲ ਤਫਤੀਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾ ਲਿਆ ਜਾਵੇਗਾ। ਪੁਲਿਸ ਵੱਲੋਂ ਦੋਸ਼ੀਆਂ ਦੀ ਪਹਿਚਾਣ ਅਤੇ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਨਾਲ ਸੰਬੰਧਤ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰੇ।
ਹਿੰਦੂਸਥਾਨ ਸਮਾਚਾਰ / GURSHARAN SINGH