
ਬਟਾਲਾ, 30 ਮਈ (ਹਿੰ.ਸ.)। ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ, ਨੈਤਿਕ ਕਦਰਾਂ-ਕੀਮਤਾਂ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਰਵਾਈਆਂ ਜਾ ਰਹੀਆਂ ਪੇਰੈਂਟਸ-ਟੀਚਰ ਮੀਟਿੰਗਾਂ (ਪੀ.ਟੀ.ਐਮ.) ਦੇ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਪਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਕਾਦੀਆਂ-1 ਅਤੇ ਬਲਾਕ ਕਾਦੀਆਂ-2 ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਪੀ.ਟੀ.ਐਮ. ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਬਲਾਕ ਕਾਦੀਆਂ-1 ਦੇ ਨੋਡਲ ਅਫ਼ਸਰ ਵਿਜੇ ਕੁਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ, ਸਰਕਾਰੀ ਹਾਈ ਸਕੂਲ ਉਧਨਵਾਲ, ਸਰਕਾਰੀ ਹਾਈ ਸਕੂਲ ਬਸਰਾਵਾਂ ਅਤੇ ਸਰਕਾਰੀ ਹਾਈ ਸਕੂਲ ਤੁਗਲਵਾਲ ਵਿਖੇ ਪਹੁੰਚ ਕੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਰੂਬਰੂ ਗੱਲਬਾਤ ਕੀਤੀ। ਉਨ੍ਹਾਂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ, ਅਕਾਦਮਿਕ ਪ੍ਰਗਤੀ, ਸਹਿ-ਪਾਠਕ੍ਰਮ ਗਤੀਵਿਧੀਆਂ, ਕਰੀਅਰ ਮਾਰਗਦਰਸ਼ਨ ਅਤੇ ਸਕੂਲਾਂ ਵਿੱਚ ਉਪਲਬਧ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮਾਪਿਆਂ ਦੇ ਸੁਝਾਵ ਵੀ ਸੁਣੇ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਵਿਖੇ ਸਕੂਲ ਦੀ ਪ੍ਰਿੰਸੀਪਲ ਸ਼ਸ਼ੀ ਕਿਰਨ, ਅਧਿਆਪਕ ਵਿਪਨ ਪਰਾਸ਼ਰ, ਯੂਨੀਸ਼ ਮਹਾਜਨ, ਪੂਨਮ ਅਤੇ ਹੋਰ ਸਟਾਫ ਮੈਂਬਰਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਉਧਨਵਾਲ ਵਿਖੇ ਹੈੱਡਮਿਸਟ੍ਰੈੱਸ ਵਰਿੰਦਰ ਪਾਲ ਕੌਰ, ਰਜਿੰਦਰ ਸਿੰਘ ਰੰਧਾਵਾ ਅਤੇ ਸਮੂਹ ਸਟਾਫ ਦੀ ਮੌਜੂਦਗੀ ਵਿੱਚ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਸਤਨਾਮ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਪ੍ਰਤੀ ਹੋਰ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ।
ਮੁਕੇਸ਼ ਵਰਮਾ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੇਰੈਂਟਸ-ਟੀਚਰ ਮੀਟਿੰਗਾਂ ਸਿਰਫ਼ ਇੱਕ ਰਸਮੀ ਪ੍ਰੋਗਰਾਮ ਨਹੀਂ ਸਗੋਂ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਸਕੂਲ ਅਤੇ ਪਰਿਵਾਰ ਵਿਚਕਾਰ ਮਜ਼ਬੂਤ ਸਾਂਝ ਸਥਾਪਿਤ ਕਰਨ ਦਾ ਪ੍ਰਭਾਵਸ਼ਾਲੀ ਮੰਚ ਹਨ। ਉਨ੍ਹਾਂ ਕਿਹਾ ਕਿ ਜੇਕਰ ਮਾਪੇ ਅਤੇ ਅਧਿਆਪਕ ਮਿਲ ਕੇ ਬੱਚਿਆਂ ਦੀ ਪੜ੍ਹਾਈ, ਵਿਹਾਰ ਅਤੇ ਰੁਚੀਆਂ ’ਤੇ ਨਿਰੰਤਰ ਧਿਆਨ ਦੇਣ ਤਾਂ ਹਰ ਵਿਦਿਆਰਥੀ ਆਪਣੀ ਮੰਜ਼ਿਲ ਤੱਕ ਪਹੁੰਚ ਸਕਦਾ ਹੈ।
ਉਨ੍ਹਾਂ ਮਾਪਿਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ ਨਾਲ ਹਰ ਰੋਜ਼ ਕੁਝ ਸਮਾਂ ਜ਼ਰੂਰ ਬਿਤਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜ਼ੀਟਲ ਯੁੱਗ ਵਿੱਚ ਬੱਚਿਆਂ ਨੂੰ ਮੋਬਾਈਲ ਫੋਨ ਅਤੇ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ।
ਇਸ ਦੇ ਨਾਲ ਹੀ ਬੱਚਿਆਂ ਨੂੰ ਖੇਡਾਂ, ਪੁਸਤਕ ਪੜ੍ਹਨ, ਸੱਭਿਆਚਾਰਕ ਅਤੇ ਸਿਰਜਣਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਸ਼ਖਸੀਅਤ ਦਾ ਸੰਪੂਰਨ ਵਿਕਾਸ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਹਰ ਬੱਚੇ ਵਿੱਚ ਵੱਖਰੀ ਪ੍ਰਤਿਭਾ ਅਤੇ ਯੋਗਤਾ ਹੁੰਦੀ ਹੈ, ਇਸ ਲਈ ਮਾਪਿਆਂ ਨੂੰ ਆਪਣੇ ਸੁਪਨਿਆਂ ਦਾ ਬੋਝ ਬੱਚਿਆਂ ’ਤੇ ਪਾਉਣ ਦੀ ਬਜਾਏ ਉਨ੍ਹਾਂ ਦੀ ਰੁਚੀ ਅਤੇ ਸਮਰੱਥਾ ਅਨੁਸਾਰ ਕਰੀਅਰ ਚੁਣਨ ਲਈ ਮਾਰਗਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਸਕੂਲ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਸਕੂਲ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਵੀ ਕੀਤੀ।
ਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਭਰਪੂਰ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਕਰੀਅਰ ਮਾਰਗਦਰਸ਼ਨ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝੀ ਭੂਮਿਕਾ ਹੀ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਦੀਆਂ ਉੱਚਾਈਆਂ ਤੱਕ ਪਹੁੰਚਾ ਸਕਦੀ ਹੈ।
ਮੀਟਿੰਗਾਂ ਦੌਰਾਨ ਮਾਪਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਪੇਰੈਂਟਸ-ਟੀਚਰ ਮੀਟਿੰਗਾਂ ਦੀ ਭਰਪੂਰ ਸ਼ਲਾਘਾ ਕੀਤੀ। ਮਾਪਿਆਂ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨਾ ਸਿਰਫ਼ ਬੱਚਿਆਂ ਦੀ ਪੜ੍ਹਾਈ ਬਾਰੇ ਜਾਣਕਾਰੀ ਮਿਲਦੀ ਹੈ, ਸਗੋਂ ਉਨ੍ਹਾਂ ਦੇ ਵਿਹਾਰ, ਰੁਚੀਆਂ ਅਤੇ ਭਵਿੱਖ ਸਬੰਧੀ ਬਿਹਤਰ ਫੈਸਲੇ ਲੈਣ ਵਿੱਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਸਕੂਲਾਂ ਅਤੇ ਮਾਪਿਆਂ ਵਿਚਕਾਰ ਭਰੋਸੇ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ