
ਅੰਮ੍ਰਿਤਸਰ, 30 ਮਈ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਜਸਪਾਲ ਸਿੰਘ ਢੱਡੇ, ਸੁਪਰਵਾਈਜ਼ਰ ਹਰਭਜਨ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਕੌਰ, ਮੈਨੇਜਰ ਰਣਜੀਤ ਸਿੰਘ ਅਤੇ ਗੁਰਦੁਆਰਾ ਇੰਸਪੈਕਟਰ ਬਲਕਾਰ ਸਿੰਘ ਨੂੰ ਵਿਦਾਈ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਕਈ ਅਧਿਕਾਰੀਆਂ ਨੇ ਸੇਵਾ ਮੁਕਤ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ।
ਵਿਦਾਈ ਸਮਾਰੋਹ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸੇਵਾ ਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੀਆਂ ਡਿਊਟੀਆਂ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਈਆਂ ਹਨ। ਉਨ੍ਹਾਂ ਆਸ ਜਤਾਈ ਕਿ ਭਵਿੱਖ ਵਿੱਚ ਵੀ ਇਹ ਸੰਗਤ ਅਤੇ ਸਿੱਖ ਸੰਸਥਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਕਈ ਸੀਨੀਅਰ ਅਧਿਕਾਰੀ, ਸਾਬਕਾ ਅਧਿਕਾਰੀ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH