ਵਾਤਾਵਰਣ ਪਾਰਕ ਨੂੰ ਹੋਰ ਹਰਿਆ-ਭਰਾ ਬਣਾਉਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ
ਪਟਿਆਲਾ, 31 ਮਈ (ਹਿੰ.ਸ.)| ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਾ ਵਾਤਾਵਰਣ ਮਨੁੱਖੀ ਸਿਹਤ ਲਈ ਬੇਹੱਦ ਜ਼ਰੂਰੀ ਹੈ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਲੋਕਾਂ ਦੀ ਭਾਗੀਦਾਰੀ ਸਭ ਤੋਂ ਮਹੱਤਵਪੂਰਨ ਹੈ। ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ
ਬੂਟੇ ਨੂੰ ਪਾਣੀ ਦਿੰਦੇ ਹੋਏ ਮੰਤਰੀ ਡਾ. ਬਲਬੀਰ ਸਿੰਘ ।


ਪਟਿਆਲਾ, 31 ਮਈ (ਹਿੰ.ਸ.)| ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਾ ਵਾਤਾਵਰਣ ਮਨੁੱਖੀ ਸਿਹਤ ਲਈ ਬੇਹੱਦ ਜ਼ਰੂਰੀ ਹੈ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਲੋਕਾਂ ਦੀ ਭਾਗੀਦਾਰੀ ਸਭ ਤੋਂ ਮਹੱਤਵਪੂਰਨ ਹੈ। ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਵਾਤਾਵਰਣ ਪਾਰਕ ਵਿਖੇ “ਫਰੈਂਡਜ਼ ਆਫ ਐਨਵਾਇਰਮੈਂਟ ਪਾਰਕ” ਕਮੇਟੀ ਦੀ ਅਹਿਮ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਪਾਰਕ ਦੇ ਵਿਕਾਸ, ਹਰਿਆਲੀ ਵਧਾਉਣ, ਵਾਤਾਵਰਣ ਸੰਭਾਲ ਅਤੇ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਅਤੇ ਬਦਲਦੇ ਮੌਸਮੀ ਹਾਲਾਤਾਂ ਦੇ ਮੱਦੇਨਜ਼ਰ ਰੁੱਖ ਲਗਾਉਣਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਸੁਰੱਖਿਆ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕਰ ਰਹੀ ਹੈ, ਪਰ ਇਨ੍ਹਾਂ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਵੀ ਲਾਜ਼ਮੀ ਹੈ।

ਡਾ. ਬਲਬੀਰ ਸਿੰਘ ਨੇ ਸਥਾਨਕ ਨਿਵਾਸੀਆਂ ਅਤੇ ਕਮੇਟੀ ਮੈਂਬਰਾਂ ਵੱਲੋਂ ਰੱਖੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਪਾਰਕ ਦੀ ਸਫ਼ਾਈ, ਰੱਖ-ਰਖਾਅ, ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਹੋਰ ਵਿਕਾਸ ਕਾਰਜਾਂ ਲਈ ਸੰਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਪਾਰਕ ਵਿੱਚ ਵੱਡੇ ਪੱਧਰ 'ਤੇ ਬੂਟੇ ਲਗਾਉਣ ਅਤੇ ਹਰਿਆਲੀ ਨੂੰ ਹੋਰ ਵਧਾਉਣ ਲਈ ਵਿਸ਼ੇਸ਼ ਯੋਜਨਾ ਬਣਾਉਣ 'ਤੇ ਵੀ ਵਿਚਾਰ ਕੀਤਾ ਗਿਆ। ਸਿਹਤ ਮੰਤਰੀ ਨੇ ਕਿਹਾ ਕਿ ਰੁੱਖ ਸਿਰਫ਼ ਵਾਤਾਵਰਣ ਨੂੰ ਸ਼ੁੱਧ ਨਹੀਂ ਕਰਦੇ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਅਤੇ ਸੁੰਦਰ ਮਾਹੌਲ ਵੀ ਯਕੀਨੀ ਬਣਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਫਰੈਂਡਜ਼ ਆਫ ਐਨਵਾਇਰਮੈਂਟ ਪਾਰਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਕਮੇਟੀ ਕਈ ਸਾਲਾਂ ਤੋਂ ਵਾਤਾਵਰਣ ਸੁਰੱਖਿਆ ਅਤੇ ਪਾਰਕ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ 'ਤੇ ਰੁੱਖ ਲਗਾਉਣ, ਸਫ਼ਾਈ ਮੁਹਿੰਮਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ।

ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਵਾਤਾਵਰਣ ਪਾਰਕ ਦੇ ਵਿਕਾਸ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮਿਲ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਵਾਤਾਵਰਣ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।

ਇਸ ਮੌਕੇ ਕਮੇਟੀ ਦੇ ਸਕੱਤਰ ਐਡਵੋਕੇਟ ਗੁਰਬਾਜ ਸਿੰਘ, ਸਰਪ੍ਰਸਤ ਐਡਵੋਕੇਟ ਬਲਬੀਰ ਸਿੰਘ, ਸਾਬਕਾ ਏਆਈਜੀ ਗੁਰਦੀਪ ਸਿੰਘ, ਸਾਬਕਾ ਐਸਪੀ ਸੁਖਦੇਵ ਸਿੰਘ ਵਿਰਕ, ਸਾਬਕਾ ਕਮਿਸ਼ਨਰ ਐਕਸਾਈਜ਼ ਅਮਰਜੀਤ ਸਿੰਘ ਘੱਗਾ, ਵਾਈਲਡ ਲਾਈਫ ਐਡਵਾਈਜ਼ਰ ਅਮਰਜੀਤ ਸਿੰਘ ਸੋਨੂ ਚੌਹਾਨ, ਮੀਡੀਆ ਸਕੱਤਰ ਗੱਜਣ ਸਿੰਘ, ਸਿਹਤ ਮੰਤਰੀ ਦੇ ਦਫ਼ਤਰ ਇੰਚਾਰਜ ਜਸਬੀਰ ਸਿੰਘ ਗਾਂਧੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਕਮੇਟੀ ਮੈਂਬਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande