
ਲੁਧਿਆਣਾ, 31 ਮਈ (ਹਿੰ.ਸ.)| ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲੋਕਾਂ ਨੂੰ ਜ਼ਿਲ੍ਹਾ ਪੱਧਰ 'ਤੇ ਹੀ ਨਿਆਂ ਅਤੇ ਸ਼ਿਕਾਇਤ ਨਿਵਾਰਣ ਦੀ ਸਹੂਲਤ ਦੇਣ ਲਈ ਪੰਜਾਬ ਦੇ ਹਰ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕਮੇਟੀ ਦੇ ਜ਼ਿਲ੍ਹਾ ਦਫ਼ਤਰ ਖੋਲ੍ਹੇ ਜਾਣਗੇ। ਇਸ ਲਈ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਢੁੱਕਵੀਂ ਜਗ੍ਹਾ ਦੀ ਮੰਗ ਕੀਤੀ ਗਈ ਹੈ।
ਇਹ ਜਾਣਕਾਰੀ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮਸ਼੍ਰੀ ਐਵਾਰਡੀ ਜਤਿੰਦਰ ਸਿੰਘ ਸ਼ੰਟੀ ਨੇ ਲੁਧਿਆਣਾ ਦੀ ਆਲਮਗੀਰ ਮਾਰਕੀਟ ਵਿਖੇ ਕਰਵਾਏ ਗਏ ਮਨੁੱਖੀ ਅਧਿਕਾਰ ਜਾਗਰੂਕਤਾ ਸਮਾਗਮ ਦੌਰਾਨ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣੇਗਾ ਜਿੱਥੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਪਹੁੰਚ ਜ਼ਿਲ੍ਹਾ ਪੱਧਰ ਤੱਕ ਹੋਵੇਗੀ। ਇਸ ਨਾਲ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਸਗੋਂ ਉਹ ਆਪਣੇ ਜ਼ਿਲ੍ਹੇ ਵਿੱਚ ਹੀ ਕਮਿਸ਼ਨ ਦੇ ਦਫ਼ਤਰ ਰਾਹੀਂ ਨਿਆਂ ਪ੍ਰਾਪਤ ਕਰ ਸਕਣਗੇ।
ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਸਿਰਫ਼ ਕਾਨੂੰਨੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ, ਬੱਚਿਆਂ, ਬਜ਼ੁਰਗਾਂ, ਮਜ਼ਦੂਰਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਸ਼ਿਕਾਇਤਾਂ ਦੇ ਤੇਜ਼ ਅਤੇ ਪਾਰਦਰਸ਼ੀ ਨਿਪਟਾਰੇ ਲਈ ਵਚਨਬੱਧ ਹੈ ਅਤੇ ਹਰ ਮਾਮਲੇ ਨੂੰ ਸੰਵੇਦਨਸ਼ੀਲਤਾ ਨਾਲ ਸੁਣਿਆ ਜਾਵੇਗਾ। ਲੋਕ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਆਪਣੀਆਂ ਸ਼ਿਕਾਇਤਾਂ ਵਟਸਐਪ ਨੰਬਰ 98554-75547 ਜਾਂ ਕਮਿਸ਼ਨ ਦੀ ਵੈੱਬਸਾਈਟ ਰਾਹੀਂ ਦਰਜ ਕਰਵਾ ਸਕਦੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੰਟੀ ਨੇ ਦੱਸਿਆ ਕਿ ਕਮਿਸ਼ਨ ਹੁਣ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਵਿੱਚ ਵੀ ਸਰਗਰਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵੱਡੇ ਸੌਦਾਗਰਾਂ ਅਤੇ ਉਨ੍ਹਾਂ ਨੂੰ ਸਹਿਯੋਗ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਵਿੱਚ ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੀਜ਼ਾ ਅਤੇ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਦੇ ਕਰੀਬ 450 ਮਾਮਲੇ ਕਮਿਸ਼ਨ ਕੋਲ ਪਹੁੰਚ ਚੁੱਕੇ ਹਨ ਅਤੇ ਇਸ ਸਬੰਧੀ ਜਾਂਚ ਜਾਰੀ ਹੈ।
ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ ਤਾਂ ਉਹ ਤੁਰੰਤ ਸ਼ਿਕਾਇਤ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕਮਿਸ਼ਨ ਹਰ ਪੱਧਰ 'ਤੇ ਲੋਕਾਂ ਦੇ ਨਾਲ ਖੜ੍ਹਾ ਹੈ।
ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਐਸ.ਡੀ.ਐਮ. ਲੁਧਿਆਣਾ ਪੱਛਮੀ ਕੁਲਦੀਪ ਬਾਵਾ, ਕੋਰ ਕਮੇਟੀ ਮੈਂਬਰ ਦੀਪਕ ਸਿੰਗਲਾ, ਮਨਜਿੰਦਰ ਸਿੰਘ ਕਲੇਰ, ਕੇ.ਕੇ. ਡਿਗਲੀ, ਐਡਵੋਕੇਟ ਸਪਨਾ ਕਨਵਰ ਸਮੇਤ ਵੱਡੀ ਗਿਣਤੀ ਵਿੱਚ ਸਮਾਜਿਕ, ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH