
ਰੋਪੜ, 06 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ।
ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਰਾਜਨੀਤਿਕ ਤੌਰ ’ਤੇ ਜਾਗਰੂਕ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਵਿਰੁੱਧ ਇੱਕਜੁੱਟ ਹਨ।’’
ਮੁੱਖ ਮੰਤਰੀ ਨੇ ਕਿਹਾ, “ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਧੜੇਬੰਦੀ ਭਗਵਾ ਪਾਰਟੀ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।”
‘ਆਪ’ ਸਰਕਾਰ ਦੀ ਸ਼ਾਂਤੀ, ਏਕਤਾ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪੰਜਾਬੀ ਦਿਨ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਕਰਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਮੁੱਢ-ਕਦੀਮੋਂ ਭਾਈਚਾਰੇ, ਮੋਹ-ਪਿਆਰ ਅਤੇ ਦਰਿਆਦਿਲੀ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਮਾਹੌਲ ਨੂੰ ਸੰਨ੍ਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਸਰਕਾਰ ਅਤੇ ਲੋਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।
ਸੂਬੇ ਵਿੱਚ ਹਾਲ ਹੀ ’ਚ ਹੋਏ ਬੰਬ ਧਮਾਕਿਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਜਪਾ ਦੀ ਸੌੜੀ ਰਾਜਨੀਤਕ ਸੋਚ ਨੂੰ ਜ਼ਾਹਰ ਕਰਦੀਆਂ ਹਨ, ਜਿਸ ਦਾ ਉਦੇਸ਼ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਸਿਰਜ ਕੇ ਸਮਾਜ ਦਾ ਧਰੁਵੀਕਰਨ ਕਰਨਾ ਅਤੇ ਵੋਟਾਂ ਹਾਸਲ ਕਰਨਾ ਹੈ। ਉਨ੍ਹਾਂ ਕਿਹਾ,‘‘ਭਾਜਪਾ ਵੱਲੋਂ ਚੋਣਾਂ ਵਾਲੇ ਹਰ ਸੂਬੇ ਵਿੱਚ ਚੋਣ ਲਾਭ ਲੈਣ ਲਈ ਇਹ ਫੁੱਟ ਪਾਊ ਰਾਜਨੀਤੀ ਕੀਤੀ ਜਾ ਰਹੀ ਹੈ। ਇਹ ਲੋਕ ਪਹਿਲਾਂ ਹੀ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਕਾਰਨ ਪ੍ਰੇਸ਼ਾਨ ਹਨ ਅਤੇ ਭਾਜਪਾ ਫਿਰਕੂ ਤਣਾਅ ਪੈਦਾ ਕਰਨ ਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਲਈ ਬੇਅਦਬੀ ਦੀਆਂ ਘਟਨਾਵਾਂ ਦਾ ਲਾਹਾ ਲੈਣਾ ਚਾਹੁੰਦੀ ਹੈ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋਣ ਨਾਲ ਅਜਿਹੀਆਂ ਸਾਜ਼ਿਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘‘ਹੁਣ ਜਦੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋ ਗਿਆ ਹੈ ਤਾਂ ਉਹ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੇ। ਇਸ ਤੋਂ ਬੁਖ਼ਲਾ ਕੇ ਭਾਜਪਾ ਹੁਣ ਪੰਜਾਬ ਦੀ ਔਖੀ ਕਮਾਈ ਸ਼ਾਂਤੀ ਭੰਗ ਕਰਨ ਦੀਆਂ ਚਾਲਾਂ ਚੱਲ ਰਹੀ ਹੈ, ਪਰ ਅਜਿਹੀਆਂ ਚਾਲਾਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।’’
ਹਾਲੀਆ ਚੋਣ ਨਤੀਜਿਆਂ ਅਤੇ ਦੂਜੇ ਸੂਬਿਆਂ ਵਿੱਚ ਚੋਣਾਂ ਸਬੰਧੀ ਲੱਗ ਰਹੇ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਨਿਰਪੱਖਤਾ ’ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ, ਜੋ ਲੋਕਤੰਤਰ ਲਈ ਬਹੁਤ ਮੰਦਭਾਗਾ ਅਤੇ ਖਤਰਨਾਕ ਹੈ। ਉਨ੍ਹਾਂ ਕਿਹ,‘‘ਚੋਣ ਕਮਿਸ਼ਨ ਦੀ ਨਿਰਪੱਖਤਾ ਨਾਲ ਜੁੜੇ ਸਵਾਲ ਲੋਕਤੰਤਰ ਲਈ ਘਾਤਕ ਹਨ। ਚੋਣ ਪ੍ਰਕਿਰਿਆ ਸਬੰਧੀ ਸ਼ੰਕਿਆਂ ਦਾ ਹੱਲ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਕਮਿਸ਼ਨ ਨੂੰ ਅਜਿਹੇ ਭਰਮ-ਭੁਲੇਖੇ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਮੁੱਦੇ ਲੋਕਤੰਤਰ ’ਤੇ ਹਮਲਾ ਹਨ। ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਕਤਲ ਤੋਂ ਘੱਟ ਨਹੀਂ ਹੈ।’
ਹਿੰਦੂਸਥਾਨ ਸਮਾਚਾਰ / GURSHARAN SINGH