
ਸ੍ਰੀ ਆਨੰਦਪੁਰ ਸਾਹਿਬ, 06 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।ਪਵਿੱਤਰ ਤਖ਼ਤ ਸਾਹਿਬ ਵਿਖੇ ਮੱਥਾ ਟੇਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ਵਿੱਚ ਮਦਦਗਾਰ ਹੋਵੇਗਾ।ਸਿੱਖਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਰੂਹਾਨੀ ਸਾਂਝ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮ `ਤੇ ਖ਼ੁਸ਼ੀ ਪ੍ਰਗਟ ਕਰ ਰਹੇ ਹਨ ਅਤੇ ਧੰਨਵਾਦ ਕਰ ਰਹੇ ਹਨ। ਸ਼ੁਕਰਾਨਾ ਯਾਤਰਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਬਾਅਦ ਉਹ 9 ਮਈ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਤਾਂ ਇਕ ਮਾਧਿਅਮ ਹਾਂ, ਜਿਸ ਨੂੰ ਗੁਰੂ ਸਾਹਿਬ ਨੇ ਇਹ ਪਵਿੱਤਰ ਜ਼ਿੰਮੇਵਾਰੀ ਨਿਭਾਉਣ ਲਈ ਚੁਣਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ , “ਇਹ ਮੰਦਭਾਗਾ ਹੈ ਕਿ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਪਵਿੱਤਰ ਮੁੱਦੇ `ਤੇ ਵੀ ਸਿਆਸਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਜਲਦੀ ਆਪਣੇ ਗੁਨਾਹਾਂ ਦੇ ਨਤੀਜੇ ਭੁਗਤਣੇ ਪੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਅੱਤਿਆਚਾਰ, ਬੇਇਨਸਾਫ਼ੀ ਤੇ ਦਮਨ ਵਿਰੁੱਧ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਸ੍ਰੀ ਆਨੰਦਪੁਰ ਸਾਹਿਬ ਦੀ ਇਤਿਹਾਸਕ ਮਹੱਤਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖ਼ਾਲਸਾ ਪੰਥ ਪ੍ਰਗਟ ਕੀਤਾ ਸੀ, ਜੋ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਘਟਨਾ ਸੀ। ਇਸੇ ਦਿਨ ਸਾਡੀ ਸਰਕਾਰ ਨੇ ਬੇਅਦਬੀ ਵਿਰੁੱਧ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ।”ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੱਦਿਆ ਗਿਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਵਿਧਾਨ ਸਭਾ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ। ਇਸ ਵਿਸ਼ੇਸ਼ ਇਜਲਾਸ ਦੌਰਾਨ ਵਿਧਾਨ ਸਭਾ ਨੇ ਅੰਮ੍ਰਿਤਸਰ, ਤਲਵੰਡੀ ਸਾਬੋ ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH