
ਅੰਮ੍ਰਿਤਸਰ, 07 ਮਈ (ਹਿੰ.ਸ.)| ਚਾਰ ਰੋਜ਼ਾ “ਸ਼ੁਕਰਾਨਾ ਯਾਤਰਾ” ਦੇ ਦੂਜੇ ਦਿਨ ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਉਸਨੂੰ “ਪੰਜਾਬ ਵਿਰੋਧੀ ਰਾਜਨੀਤੀ” ਕਰਨ ਵਾਲੀ ਪਾਰਟੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਸੇਵਾ ਤੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ, ਜਦਕਿ ਕੇਂਦਰ ਵਿੱਚ ਬੈਠੀ ਭਾਜਪਾ ਪੰਜਾਬ ਦੇ ਹਿੱਤਾਂ ਖ਼ਿਲਾਫ਼ ਫੈਸਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਮੁਫ਼ਤ ਬਿਜਲੀ, 65 ਹਜ਼ਾਰ ਸਰਕਾਰੀ ਨੌਕਰੀਆਂ, ਨਹਿਰੀ ਪਾਣੀ ਦੀ ਬਹਾਲੀ, 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਅਤੇ ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਵਰਗੀਆਂ ਕਈ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਅਧਿਕਾਰਾਂ ਅਤੇ ਸਰੋਤਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕਿਸਾਨ ਅੰਦੋਲਨ ਦਾ ਹਵਾਲਾ ਦਿੰਦਿਆਂ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਸੈਂਕੜੇ ਕਿਸਾਨਾਂ ਦੀ ਜਾਨ ਗਈ, ਜਿਸਨੂੰ ਪੰਜਾਬ ਕਦੇ ਭੁੱਲ ਨਹੀਂ ਸਕਦਾ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਵਾਰ-ਵਾਰ ਪੰਜਾਬ ਦੇ ਪਾਣੀ, ਯੂਨੀਵਰਸਿਟੀਆਂ ਅਤੇ ਸੰਵਿਧਾਨਕ ਅਧਿਕਾਰਾਂ ‘ਤੇ ਹਮਲਾ ਕਰ ਰਹੀ ਹੈ। “ਸ਼ੁਕਰਾਨਾ ਯਾਤਰਾ” ਦੌਰਾਨ ਰਈਆ ਸਮੇਤ ਕਈ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਬੇਅਦਬੀ ਵਿਰੋਧੀ ਕਾਨੂੰਨ ਨੂੰ ਇਤਿਹਾਸਕ ਦੱਸਿਆ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਅਧੀਨ ਬੇਅਦਬੀ ਦੇ ਦੋਸ਼ੀਆਂ ਨੂੰ ਘੱਟੋ-ਘੱਟ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਤੱਕ ਜੁਰਮਾਨਾ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰੱਖਿਆ ਲਈ ਬਣਾਇਆ ਗਿਆ ਹੈ।
ਮੁੱਖ ਮੰਤਰੀ ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਮਾਮਲਿਆਂ ‘ਚ ਢਿੱਲੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਇਸ ਤਰ੍ਹਾਂ ਦੀ ਘਟਨਾ ਕਰਨ ਦੀ ਹਿੰਮਤ ਨਹੀਂ ਕਰੇਗਾ। ਮਾਨ ਨੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਸਥਿਤੀ ਸੁਧਾਰੀ ਜਾ ਰਹੀ ਹੈ, ਹਸਪਤਾਲ ਅੱਪਗ੍ਰੇਡ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਨਹਿਰਾਂ ਦੀ ਬਹਾਲੀ ਨਾਲ ਖੇਤੀ ਨੂੰ ਵੱਡਾ ਲਾਭ ਹੋ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਫੁੱਟ ਪਾਉਣ ਵਾਲੀ ਰਾਜਨੀਤੀ ਕਦੇ ਕਾਮਯਾਬ ਨਹੀਂ ਹੋਵੇਗੀ ਕਿਉਂਕਿ ਇੱਥੋਂ ਦੇ ਲੋਕ ਭਾਈਚਾਰੇ ਅਤੇ ਸਾਂਝੇਪਣ ‘ਤੇ ਵਿਸ਼ਵਾਸ ਰੱਖਦੇ ਹਨ। ਸ਼ੁਕਰਾਨਾ ਯਾਤਰਾ ਨੂੰ ਆਤਮਿਕ ਯਾਤਰਾ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਗੁਰੂ ਸਾਹਿਬ ਪ੍ਰਤੀ ਧੰਨਵਾਦ ਪ੍ਰਗਟ ਕਰਨ ਲਈ ਹੈ। ਅੰਤ ਵਿੱਚ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵਿਕਾਸ, ਸ਼ਾਂਤੀ ਅਤੇ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੇ ਭਰੋਸੇ ‘ਤੇ ਖਰੀ ਉਤਰ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH