
ਲੁਧਿਆਣਾ, 07 ਮਈ
(ਹਿੰ.ਸ.)| ਲੁਧਿਆਣਾ ਦੇ ਸਮਰਾਲਾ ਚੌਂਕ ਵਿੱਚ ਫਲਾਈਓਵਰ
ਹੇਠ ਬਣੇ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼
ਸ਼ੱਕੀ ਹਾਲਾਤਾਂ ਵਿੱਚ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਨੌਜਵਾਨ ਦੀ ਲਾਸ਼ ਪਾਰਕ ਵਿੱਚ ਪਏ
ਬੈਂਚ ’ਤੇ ਮਿਲੀ, ਜਿਸ ਨੂੰ ਦੇਖ ਕੇ ਰਾਹਗੀਰਾਂ ਨੇ
ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਮੌਕੇ ’ਤੇ ਪਹੁੰਚੇ ਡਾ. ਸਾਹਿਲ ਨੇ
ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਨੂੰ
ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿੱਚ ਅਕਸਰ ਨਸ਼ਾ ਕਰਨ ਵਾਲੇ ਲੋਕ ਇਕੱਠੇ ਹੁੰਦੇ
ਹਨ ਅਤੇ ਜਿਸ ਹਾਲਤ ਵਿੱਚ ਨੌਜਵਾਨ ਦੀ ਲਾਸ਼ ਮਿਲੀ ਹੈ, ਉਸ ਤੋਂ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ
ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ
ਪੁਲਿਸ ਵੀ ਤੁਰੰਤ ਹਰਕਤ ਵਿੱਚ ਆ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਕੰਟਰੋਲ ਰੂਮ ਤੋਂ ਸੂਚਨਾ ਮਿਲੀ
ਸੀ ਕਿ ਸਮਰਾਲਾ ਚੌਂਕ ਸਥਿਤ ਪਾਰਕ ਵਿੱਚ ਇੱਕ ਵਿਅਕਤੀ ਬੇਹੋਸ਼ ਹਾਲਤ ਵਿੱਚ ਪਿਆ ਹੈ। ਇਸ ਤੋਂ
ਬਾਅਦ ਗੁਰਪ੍ਰੀਤ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਸ਼ਵ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ।
ਪੁਲਿਸ ਵੱਲੋਂ ਨੌਜਵਾਨ ਦੀ
ਤਲਾਸ਼ੀ ਲਈ ਗਈ, ਪਰ ਉਸ ਦੀ
ਜੇਬ ਵਿੱਚੋਂ ਕੋਈ ਪਛਾਣ ਪੱਤਰ, ਮੋਬਾਈਲ
ਫੋਨ ਜਾਂ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ। ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ
ਫੁਟੇਜ ਖੰਗਾਲ ਰਹੀ ਹੈ ਅਤੇ ਸਥਾਨਕ ਲੋਕਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ
ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ
ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH