
ਚੰਡੀਗੜ੍ਹ, 07 ਮਈ (ਹਿੰ.ਸ.)| ਪੰਜਾਬ ਵਿੱਚ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਮਨਜ਼ੂਰਸ਼ੁਦਾ ਲੋਡ ਤੋਂ ਵੱਧ ਬਿਜਲੀ ਦੀ ਵਰਤੋਂ ਕਰਨ ਵਾਲੇ ਖਪਤਕਾਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੇ ਹੁਕਮ ਜਾਰੀ ਕੀਤੇ ਹਨ। ਨਵੇਂ ਨਿਯਮਾਂ ਅਨੁਸਾਰ ਜੇਕਰ ਕੋਈ ਖਪਤਕਾਰ ਆਪਣੇ ਤੈਅ ਲੋਡ ਤੋਂ 10 ਫੀਸਦੀ ਵੱਧ ਬਿਜਲੀ ਦੀ ਖਪਤ ਕਰਦਾ ਹੈ ਤਾਂ ਉਸ ਨੂੰ 7 ਦਿਨਾਂ ਅੰਦਰ ਨੋਟਿਸ ਜਾਰੀ ਕੀਤਾ ਜਾਵੇਗਾ।
ਪੀਐਸਪੀਸੀਐਲ ਨੇ ਸਪੱਸ਼ਟ ਕੀਤਾ ਹੈ ਕਿ ਨੋਟਿਸ ਮਿਲਣ ਤੋਂ ਬਾਅਦ ਵੀ ਜੇ ਖਪਤਕਾਰ ਲਗਾਤਾਰ ਮਨਜ਼ੂਰਸ਼ੁਦਾ ਲੋਡ ਤੋਂ ਵੱਧ ਬਿਜਲੀ ਵਰਤਦਾ ਰਹਿੰਦਾ ਹੈ ਤਾਂ ਉਸ ਤੋਂ ਜੁਰਮਾਨਾ ਅਤੇ ਹੋਰ ਖਰਚੇ ਵਸੂਲੇ ਜਾਣਗੇ। ਤੀਜੀ ਵਾਰ ਨਿਯਮਾਂ ਦੀ ਉਲੰਘਣਾ ਕਰਨ ‘ਤੇ ਬਿਜਲੀ ਚੋਰੀ ਦਾ ਕੇਸ ਦਰਜ ਕਰਕੇ ਐਫਆਈਆਰ ਵੀ ਦਰਜ ਕਰਵਾਈ ਜਾ ਸਕਦੀ ਹੈ।
ਪੀਐਸਪੀਸੀਐਲ ਪ੍ਰਬੰਧਨ ਨੇ ਅਧਿਕਾਰੀਆਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜੇ ਵੱਧ ਲੋਡ ਵਰਤਣ ਵਾਲੇ ਖਪਤਕਾਰਾਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਸੰਬੰਧਤ ਅਧਿਕਾਰੀਆਂ ਵਿਰੁੱਧ ਵੀ ਐਕਸ਼ਨ ਲਿਆ ਜਾਵੇਗਾ। ਬਿਜਲੀ ਸਪਲਾਈ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਮਾਲੀ ਨੁਕਸਾਨ ਤੋਂ ਬਚਾਅ ਲਈ ਪੀਐਸਪੀਸੀਐਲ ਨੇ ਸਪਲਾਈ ਕੋਡ-2024 ਵਿੱਚ ਸੋਧ ਕੀਤੀ ਹੈ। ਇਸ ਸਬੰਧੀ ਸਾਰੇ ਮੁੱਖ ਇੰਜੀਨੀਅਰਾਂ ਨੂੰ ਨਵੇਂ ਨਿਯਮ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH