
ਚੰਡੀਗੜ੍ਹ, 07 ਮਈ (ਹਿੰ.ਸ.)|
ਪੰਜਾਬ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਨੂੰ ਮੌਸਮ ਬਦਲਿਆ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਨਾਲ ਚੰਡੀਗੜ੍ਹ ਵਿੱਚ ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ 8 ਅਤੇ 9 ਮਈ ਨੂੰ ਪੰਜਾਬ ਵਿੱਚ ਮੌਸਮ ਜ਼ਿਆਦਾਤਰ ਸੁੱਕਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ ਅਤੇ ਇਹ ਆਮ ਨਾਲੋਂ 6 ਡਿਗਰੀ ਘੱਟ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ ਰੂਪਨਗਰ ਵਿੱਚ 34.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸੇ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਬਿਜਲੀ ਦੀ ਖਪਤ ਘਟਾਉਣ ਲਈ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਵਪਾਰਕ ਇਮਾਰਤਾਂ ਅਤੇ ਵੱਡੇ ਅਦਾਰਿਆਂ ਵਿੱਚ ਏਅਰ ਕੰਡੀਸ਼ਨਰ ਦਾ ਤਾਪਮਾਨ 24 ਤੋਂ 25 ਡਿਗਰੀ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਮੌਸਮ ਵਿਭਾਗ ਮੁਤਾਬਕ ਇਸ ਸਮੇਂ ਪਹਾੜੀ ਇਲਾਕਿਆਂ ਨੇੜੇ ਪੱਛਮੀ ਵਿਘਨ ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। 10 ਮਈ ਤੋਂ ਇੱਕ ਹੋਰ ਨਵਾਂ ਪੱਛਮੀ ਵਿਘਨ ਪੱਛਮੀ ਹਿਮਾਲਿਆਈ ਖੇਤਰਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਨਾਲ ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਕੁਝ ਅਸਰ ਪੰਜਾਬ ਦੇ ਮੌਸਮ ‘ਤੇ ਵੀ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਕਾਫੀ ਘੱਟ ਹੈ ਅਤੇ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਮੁੱਖ ਤੌਰ ‘ਤੇ ਸੁੱਕਾ ਰਹੇਗਾ। ਹਾਲਾਂਕਿ ਕੁਝ ਥਾਵਾਂ ‘ਤੇ ਛਿੱਟੇ ਪੈ ਸਕਦੇ ਹਨ। ਮੀਂਹ ਦੀਆਂ ਗਤੀਵਿਧੀਆਂ ਘਟਣ ਕਾਰਨ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਦੇ ਨੇੜੇ ਬਣਿਆ ਹੋਇਆ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਵਧ ਕੇ 30 ਡਿਗਰੀ ਦੇ ਉੱਪਰੀ ਪੱਧਰ ਤੱਕ ਪਹੁੰਚ ਸਕਦਾ ਹੈ।
ਰਾਜ ਦੇ ਚਾਰ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ ਹੈ। ਪਟਿਆਲਾ ਵਿੱਚ 36.4 ਡਿਗਰੀ, ਬਠਿੰਡਾ ਵਿੱਚ 35.5 ਡਿਗਰੀ, ਸ਼ਹੀਦ ਭਗਤ ਸਿੰਘ ਨਗਰ ਵਿੱਚ 35.5 ਡਿਗਰੀ ਅਤੇ ਫਾਜ਼ਿਲਕਾ ਵਿੱਚ 35 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ। ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ 34.6 ਡਿਗਰੀ, ਚੰਡੀਗੜ੍ਹ ਵਿੱਚ 34.3 ਡਿਗਰੀ, ਮੋਹਾਲੀ ਵਿੱਚ 33.3 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 32.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 4 ਡਿਗਰੀ ਤੱਕ ਦੀ ਕਮੀ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 10, 11 ਅਤੇ 12 ਮਈ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH