ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਜੰਗੀ ਪੱਧਰ ‘ਤੇ ਜਾਰੀ : ਬਰਿੰਦਰ ਗੋਇਲ
ਫ਼ਰੀਦਕੋਟ, 07 ਮਈ (ਹਿੰ.ਸ.)| ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਚੱਲ ਰਹੀ ਰੀਲਾਈਨਿੰਗ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿਰਫ਼ ਸਿੰਚਾਈ ਪ੍ਰਬੰਧ ਮਜ਼ਬੂਤ
ਰਾਜਸਥਾਨ ਫੀਡਰ ਨਹਿਰ ਦਾ ਜਾਇਜਾ ਲੈਂਦੇ ਹੋਏ ਮੰਤਰੀ ਬਰਿੰਦਰ ਗੋਇਲ।


ਫ਼ਰੀਦਕੋਟ, 07 ਮਈ (ਹਿੰ.ਸ.)|

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਚੱਲ ਰਹੀ ਰੀਲਾਈਨਿੰਗ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿਰਫ਼ ਸਿੰਚਾਈ ਪ੍ਰਬੰਧ ਮਜ਼ਬੂਤ ਕਰਨ ਲਈ ਹੀ ਨਹੀਂ, ਸਗੋਂ ਲੋਕਾਂ ਦੀ ਸੁਰੱਖਿਆ ਅਤੇ ਜ਼ਮੀਨੀ ਪਾਣੀ ਦੇ ਸੰਰੱਖਣ ਲਈ ਵੀ ਬਹੁਤ ਮਹੱਤਵਪੂਰਨ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਕਰੀਬ 60 ਸਾਲ ਪੁਰਾਣੀ ਰਾਜਸਥਾਨ ਫੀਡਰ ਨਹਿਰ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ। ਇਸ ਕਾਰਨ ਪਿਛਲੇ ਸਮੇਂ ਦੌਰਾਨ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਦੇ ਕਾਮਨ ਬੈਂਕ ਟੁੱਟਣ ਦੇ ਮਾਮਲੇ ਸਾਹਮਣੇ ਆਏ, ਜਿਸ ਨਾਲ ਨੇੜਲੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਨੀ-ਮਾਲੀ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਇਸ ਖ਼ਤਰੇ ਨੂੰ ਟਾਲਣ ਲਈ ਸਰਕਾਰ ਵੱਲੋਂ ਰੀਲਾਈਨਿੰਗ ਦਾ ਵੱਡਾ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ।

ਗੋਇਲ ਨੇ ਕਿਹਾ ਕਿ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ ਪਹਿਲਾਂ ਹੀ 800 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾ ਚੁੱਕਾ ਹੈ। ਹੁਣ ਰਾਜਸਥਾਨ ਫੀਡਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਖੇਤਾਂ ਤੱਕ ਵੱਧ ਨਹਿਰੀ ਪਾਣੀ ਪਹੁੰਚ ਸਕੇਗਾ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਦੀਆਂ ਸਮਾਜਿਕ ਸੰਸਥਾਵਾਂ ਅਤੇ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਨੇੜੇ 12.50 ਕਿਲੋਮੀਟਰ ਹਿੱਸੇ ਵਿੱਚ ਕੰਕਰੀਟ ਦੀ ਥਾਂ ਇੱਟਾਂ ਦੀ ਲਾਈਨਿੰਗ ਕੀਤੀ ਜਾ ਰਹੀ ਹੈ। ਇਸ ਨਾਲ ਭੂਮੀਗਤ ਪਾਣੀ ਦੇ ਰੀਚਾਰਜ ਨੂੰ ਉਤਸ਼ਾਹ ਮਿਲੇਗਾ ਅਤੇ ਵਾਤਾਵਰਣਕ ਸੰਤੁਲਨ ਬਣਿਆ ਰਹੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰ ਦੀ 80 ਕਿਲੋਮੀਟਰ ਰੀਲਾਈਨਿੰਗ ਦਾ ਕੰਮ 2023 ਤੱਕ ਮੁਕੰਮਲ ਕੀਤਾ ਜਾ ਚੁੱਕਾ ਸੀ, ਪਰ ਨਹਿਰ ਦੀ ਬੰਦੀ ਨਾ ਮਿਲਣ ਕਾਰਨ ਬਾਕੀ ਕੰਮ ਰੁਕ ਗਿਆ ਸੀ। ਹੁਣ 2026 ਦੀ ਬੰਦੀ ਦੌਰਾਨ ਬਾਕੀ ਰਹਿੰਦੀ 16.62 ਕਿਲੋਮੀਟਰ ਲਾਈਨਿੰਗ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜਿਸ ‘ਤੇ ਲਗਭਗ 170 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਬਚਾਉਣ ਲਈ 6700 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਸ ਨਾਲ ਨਹਿਰੀ ਪਾਣੀ ਦੀ ਵਰਤੋਂ 26 ਫੀਸਦੀ ਤੋਂ ਵਧ ਕੇ 78 ਫੀਸਦੀ ਹੋ ਗਈ ਹੈ। ਇਸ ਨਾਲ ਟੇਲਾਂ ‘ਤੇ ਪੈਂਦੇ ਖੇਤਾਂ ਤੱਕ ਵੀ ਨਹਿਰੀ ਪਾਣੀ ਪਹੁੰਚ ਰਿਹਾ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਇਸ ਵੱਡੇ ਪ੍ਰਾਜੈਕਟ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਹਿਰਾਂ ਦੀ ਰੀਲਾਈਨਿੰਗ ਨਾਲ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande