
ਚੰਡੀਗੜ੍ਹ, 08 ਮਈ (ਹਿੰ.ਸ.)| ਪੰਜਾਬ ਕਾਂਗਰਸ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਐਕਟਿਵ ਮੋਡ ਵਿੱਚ ਆ ਗਈ ਹੈ। ਕੱਲ੍ਹ 9 ਮਈ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹਿਣਗੇ। ਮੀਟਿੰਗ ਦੌਰਾਨ ਸੂਬੇ ਦੇ ਤਾਜ਼ਾ ਰਾਜਨੀਤਿਕ ਹਾਲਾਤਾਂ ‘ਤੇ ਚਰਚਾ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਪੰਜਾਬ ਵਿੱਚ ਜਲਦ ਹੀ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋਣੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸੇ ਮਹੀਨੇ ਚੋਣ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ ਅਤੇ ਰਾਜ ਚੋਣ ਅਧਿਕਾਰੀ ਵੱਲੋਂ ਸ਼ਡਿਊਲ ਜਾਰੀ ਕੀਤਾ ਜਾ ਸਕਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਆਪਣੀ ਚੋਣੀ ਰਣਨੀਤੀ ਤਿਆਰ ਕਰ ਰਹੀ ਹੈ।
ਕਾਂਗਰਸ ਨੇ ਚੋਣਾਂ ਦੀ ਤਿਆਰੀ ਲਈ ਅੱਠ ਨਗਰ ਨਿਗਮਾਂ, 65 ਨਗਰ ਕੌਂਸਲਾਂ ਅਤੇ 16 ਨਗਰ ਪੰਚਾਇਤਾਂ ਦੇ ਕਈ ਹਲਕਿਆਂ ਲਈ ਪ੍ਰਭਾਰੀ ਵੀ ਨਿਯੁਕਤ ਕੀਤੇ ਹਨ। ਕਈ ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਮੰਤਰੀਆਂ ਨੂੰ ਇਹ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵੀ ਇਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੀ ਚੋਣੀ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਇਹ ਚੋਣਾਂ ਸਾਰੀਆਂ ਪਾਰਟੀਆਂ ਲਈ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ, ਕਿਉਂਕਿ ਇਸ ਤੋਂ ਬਾਅਦ ਸਿੱਧੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਇਸ ਦਰਮਿਆਨ ਕਾਂਗਰਸ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਲੋਕਾਂ ਨਾਲ ਜੁੜਨ ਤੋਂ ਲੈ ਕੇ ਬੂਥ ਮੈਨੇਜਮੈਂਟ ਤੱਕ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ ਅਤੇ ਕੇ.ਸੀ. ਵੇਣੂਗੋਪਾਲ ਸਮੇਤ ਕਈ ਸੰਸਦ ਮੈਂਬਰ ਅਤੇ ਰਣਨੀਤਿਕ ਮਾਹਿਰ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH