
ਮੋਹਾਲੀ/ਚੰਡੀਗੜ੍ਹ, 08 ਮਈ (ਹਿੰ.ਸ.)| ਪੰਜਾਬ ਵਿੱਚ ਦੋ ਰੀਅਲ ਐਸਟੇਟ ਗਰੁੱਪਾਂ ਨਾਲ ਜੁੜੇ ਮਾਮਲਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ ਸ਼ੁੱਕਰਵਾਰ ਸਵੇਰੇ ਤੋਂ ਜਾਰੀ ਹੈ। ਮੋਹਾਲੀ ਦੇ ਖਰੜ ਸਥਿਤ ਵੈਸਟਰਨ ਟਾਵਰਜ਼ ਵਿੱਚ ਈਡੀ ਅਧਿਕਾਰੀਆਂ ਨੂੰ ਖਾਲੀ ਬੈਗਾਂ ਸਮੇਤ ਦਾਖਲ ਹੁੰਦੇ ਦੇਖਿਆ ਗਿਆ, ਜਿੱਥੇ ਇਕ ਦਿਨ ਪਹਿਲਾਂ ਕਥਿਤ ਤੌਰ ‘ਤੇ ਨੋਟਾਂ ਦੇ ਬੈਗ ਉਪਰੋਂ ਸੁੱਟੇ ਜਾਣ ਦੀ ਘਟਨਾ ਸਾਹਮਣੇ ਆਈ ਸੀ। ਇਸ ਘਟਨਾ ਦੌਰਾਨ ਇੱਕ ਬੈਗ ਫਟਣ ਕਾਰਨ 500 ਰੁਪਏ ਦੇ ਨੋਟ ਹਵਾ ਵਿੱਚ ਉੱਡਦੇ ਵੀ ਨਜ਼ਰ ਆਏ ਸਨ, ਜਿਸ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ।
ਇਸ ਪੂਰੇ ਮਾਮਲੇ ਨੇ ਸਿਆਸੀ ਰੂਪ ਵੀ ਧਾਰ ਲਿਆ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਨਾਮ ਵੀ ਇਸ ਜਾਂਚ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ ਅਰੋੜਾ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਸਪਸ਼ਟ ਕੀਤਾ ਕਿ ਉਨ੍ਹਾਂ ਦਾ ਗੌਰਵ ਧੀਰ ਨਾਲ ਸਿਰਫ਼ ਦੋਸਤੀ ਦਾ ਰਿਸ਼ਤਾ ਹੈ ਅਤੇ ਕਿਸੇ ਵੀ ਵਪਾਰਕ ਲੈਣ-ਦੇਣ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਈਡੀ ਚਾਹੇ ਤਾਂ ਉਨ੍ਹਾਂ ਨੂੰ ਬੁਲਾ ਕੇ ਪੁੱਛਗਿੱਛ ਕਰ ਸਕਦੀ ਹੈ ਅਤੇ ਉਨ੍ਹਾਂ ਦੇ ਮੋਬਾਈਲ ਦੀ ਜਾਂਚ ਵੀ ਕਰ ਸਕਦੀ ਹੈ। ਅਰੋੜਾ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਗਲਤ ਕੰਮ ਵਿੱਚ ਸ਼ਾਮਲ ਨਹੀਂ ਹਨ।
ਦੂਜੇ ਪਾਸੇ ਈਡੀ ਦਾ ਦਾਅਵਾ ਹੈ ਕਿ ਇਹ ਮਾਮਲਾ ਫਰਜ਼ੀ ਚੇਂਜ ਆਫ ਲੈਂਡ ਯੂਜ਼ (ਸੀਐਲਯੂ), ਧੋਖਾਧੜੀ ਅਤੇ ਮਨੀ ਲਾਂਡਰਿੰਗ ਨਾਲ ਜੁੜਿਆ ਹੋਇਆ ਹੈ। ਏਜੰਸੀ ਮੁਤਾਬਕ ਹੁਣ ਤੱਕ ਲਗਭਗ 1 ਕਰੋੜ ਰੁਪਏ ਦੀ ਨਗਦੀ ਬਰਾਮਦ ਕੀਤੀ ਜਾ ਚੁੱਕੀ ਹੈ। ਵਿਰੋਧੀ ਪਾਰਟੀਆਂ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਅਤੇ ਕੁਝ ਲੋਕਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਕਥਿਤ ਤੌਰ ‘ਤੇ ਮਿਲੇ ਨੋਟਾਂ ਦਾ ਸਬੰਧ ਸੀਐਮ ਦਫ਼ਤਰ ਦੇ ਓਐਸਡੀ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਕਿ ਸਰਕਾਰ ਦਾ ਕਿਸੇ ਵੀ ਦੋਸ਼ੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਈਡੀ ਪੁਰਾਣੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸੇ ਦਰਮਿਆਨ ਪੰਜਾਬ ਸਰਕਾਰ ਨੇ ਨਗਰ ਕੌਂਸਲ ਖਰੜ ਦੇ ਕਾਰਜਕਾਰੀ ਅਧਿਕਾਰੀ ਸੁਖਦੇਵ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਨੂੰ ਹੁਣ ਫਿਰੋਜ਼ਪੁਰ ਜ਼ਿਲ੍ਹੇ ਦੀ ਮੱਲਾਂਵਾਲਾ ਖਾਸ ਨਗਰ ਪੰਚਾਇਤ ਵਿੱਚ ਤੈਨਾਤ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH