
ਬਰਨਾਲਾ, 09 ਮਈ (ਹਿੰ.ਸ.)। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਵਾਢੀ ਤੋਂ ਬਾਅਦ ਬਚੇ ਹੋਏ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਖੇਤ ਵਿੱਚ ਹੀ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਣ ਪਲੀਤ ਹੁੰਦਾ ਹੈ, ਸਗੋਂ ਇਹ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਵੱਡਾ ਨੁਕਸਾਨ ਕਰਦਾ ਹੈ।
ਡਾ. ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਾੜ ਦੀ ਸਾਂਭ-ਸੰਭਾਲ ਲਈ ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ ਜਿਵੇਂ ਕਿ ਡਿਸਕ ਹੈਰੋ, ਹਲ ਅਤੇ ਰੋਟੈਵੇਟਰ ਨਾਲ ਮਿਟੀ ਵਿਚ ਮਿਲਾ ਸਕਦੇ ਹਾਂ ਜਿਸ ਨਾਲ ਜ਼ਮੀਨ ਨੂੰ ਕੁਦਰਤੀ ਖਾਦ ਮਿਲਦੀ ਹੈ। ਰੋਟਾਵੇਟਰ ਅਤੇ ਆਰ ਐਮ ਬੀ ਪਲਾਅ ਦੀ ਵਰਤੋਂ ਨਾਲ ਨਾੜ ਪੂਰੀ ਤਰ੍ਹਾਂ ਮਿੱਟੀ ਵਿੱਚ ਰਲ ਜਾਂਦਾ ਹੈ, ਜੋ ਜ਼ਮੀਨ ਵਿੱਚ ਜੈਵਿਕ ਮਾਦੇ ਦੀ ਮਾਤਰਾ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਵੀ ਲੈ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਮਿੱਟੀ ਦੇ ਜ਼ਰੂਰੀ ਤੱਤ ਅਤੇ ਮਿੱਤਰ ਕੀੜੇ ਸੜ ਜਾਂਦੇ ਹਨ, ਜਿਸ ਕਾਰਨ ਆਉਣ ਵਾਲੀਆਂ ਫ਼ਸਲਾਂ 'ਤੇ ਲਾਗਤ ਖਰਚਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ, ਧੂੰਏਂ ਕਾਰਨ ਸਾਹ ਅਤੇ ਅੱਖਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ ਅਤੇ ਸੜਕੀ ਹਾਦਸਿਆਂ ਦਾ ਖਤਰਾ ਵੀ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਸੂਚਿਤ ਕੀਤਾ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤਾਂ ਵਿੱਚ ਅੱਗ ਲਗਾਉਣਾ ਕਾਨੂੰਨੀ ਅਪਰਾਧ ਹੈ। ਅਜਿਹਾ ਕਰਨ ਵਾਲੇ ਕਿਸਾਨਾਂ ਵਿਰੁੱਧ ਜੁਰਮਾਨਾ ਲਗਾਇਆ ਜਾ ਸਕਦਾ ਹੈ ਅਤੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਵੀ ਕੀਤੀ ਜਾ ਸਕਦੀ ਹੈ।
ਡਾ. ਸੁਖਪਾਲ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਲੈਣ ਅਤੇ ਵਾਤਾਵਰਣ ਪੱਖੀ ਤਕਨੀਕਾਂ ਅਪਣਾ ਕੇ ਬਰਨਾਲਾ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਹਿਯੋਗ ਦੇਣ।ਉਨਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਦੇ ਰਖਵਾਲੇ ਬਣਨ ਅਤੇ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਇੱਕ ਉਪਜਾਊ ਜ਼ਮੀਨ ਅਤੇ ਸ਼ੁੱਧ ਆਬੋ-ਹਵਾ ਦੇ ਕੇ ਜਾਣ ਦਾ ਪ੍ਰਣ ਕਰਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ