
ਪਟਿਆਲਾ, 09 ਮਈ (ਹਿੰ.ਸ.)। ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਉਣ ਦੇ ਫ਼ੈਸਲੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਅਤੇ ਆਮ ਲੋਕਾਂ ਵੱਲੋਂ ਇਸ ਯਾਤਰਾ ਦਾ ਭਰਪੂਰ ਸਨਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰ ਰਹੇ ਹਨ। ਸ਼ੁਕਰਾਨਾ ਯਾਤਰਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਹੁੰਚਣ ‘ਤੇ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ, ਜੋ ਲੋਕਾਂ ਦੇ ਭਰੋਸੇ ਅਤੇ ਸਮਰਥਨ ਨੂੰ ਦਰਸਾਉਂਦਾ ਹੈ।
ਚੇਅਰਮੈਨ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਅਜਿਹਾ ਸਖ਼ਤ ਕਾਨੂੰਨ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਸੀ। ਉਨ੍ਹਾਂ ਨੇ ਕਿਹਾ ਕਿ ਕੁਝ ਗਲਤ ਅਤੇ ਸ਼ਰਾਰਤੀ ਅਨਸਰਾਂ ਵੱਲੋਂ, ਕਈ ਵਾਰ ਮਾਨਸਿਕ ਬਿਮਾਰੀਆਂ ਦਾ ਬਹਾਨਾ ਬਣਾ ਕੇ, ਵੱਖ-ਵੱਖ ਧਰਮਾਂ ਅਤੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਵਾ ਕੇ ਸੂਬੇ ਵਿੱਚ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਇਸ ਨਾਲ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਲੋਕਾਂ ਵਿੱਚ ਆਪਸੀ ਨਫ਼ਰਤ ਪੈਦਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ‘ਤੇ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ਼ ਰਾਜਨੀਤੀ ਕੀਤੀ ਗਈ, ਪਰ ਮੌਜੂਦਾ ਸਰਕਾਰ ਨੇ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਕੇ ਸੰਗਤਾਂ ਦਾ ਭਰੋਸਾ ਜਿੱਤਿਆ ਹੈ।
ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਹ ਕਦਮ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਪ੍ਰਸ਼ੰਸਾ ਹਾਸਲ ਕਰ ਰਿਹਾ ਹੈ। ਉਥੇ ਦੇ ਧਾਰਮਿਕ ਵਰਗ ਵੀ ਅਜਿਹੇ ਬੇਅਦਬੀ ਰੋਕੂ ਕਾਨੂੰਨਾਂ ਦੀ ਮੰਗ ਕਰ ਰਹੇ ਹਨ ਅਤੇ ਸੂਬਾ ਵਿਰੋਧੀ ਤਾਕਤਾਂ ਵਿਰੁੱਧ ਇਕਜੁੱਟ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ‘ਤੇ ਨੱਥ ਪਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣ ਯਕੀਨੀ ਬਣੇਗੀਆਂ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ