
ਮੋਗਾ, 09 ਮਈ (ਹਿੰ.ਸ.)| ਪੰਜਾਬ ਸਰਕਾਰ ਅਤੇ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਦੀ ਨਾੜ ਅਤੇ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਸਬੰਧੀ ਐਸਡੀਐਮ ਨਿਹਾਲ ਸਿੰਘ ਵਾਲਾ ਗਗਨਦੀਪ ਸਿੰਘ ਵੱਲੋਂ ਆਪਣੇ ਦਫ਼ਤਰ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਐਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ, ਐਸਐਚਓ ਜਤਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਦੀਪ ਸਿੰਘ ਅਤੇ ਰੀਡਰ ਅਮਰਜੀਤ ਮੋਂਗਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਐਸਡੀਐਮ ਗਗਨਦੀਪ ਸਿੰਘ ਨੇ ਕਿਹਾ ਕਿ ਪਰਾਲੀ ਅਤੇ ਨਾੜ ਨਾ ਸਾੜਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾੜ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਲੋਕਾਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।
ਐਸਡੀਐਮ ਨੇ ਜਾਣਕਾਰੀ ਦਿੱਤੀ ਕਿ ਪਰਾਲੀ ਅਤੇ ਨਾੜ ਸਾੜਨ ਦੇ ਮਾਮਲਿਆਂ ਵਿੱਚ ਹੁਣ ਤੱਕ 16 ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਨਿਗਰਾਨੀ ਹੋਰ ਸਖ਼ਤ ਕਰਨ ਅਤੇ ਸਰਕਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਕਣਕ ਦੀ ਪਰਾਲੀ ਅਤੇ ਨਾੜ ਨੂੰ ਅੱਗ ਨਾ ਲਗਾਈ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH