
ਮੋਹਾਲੀ, 16 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਵਿਭਾਗ ਵਿੱਚ 523 ਨਵੇਂ ਨਿਯੁਕਤੀ ਪੱਤਰ ਵੰਡਦਿਆਂ ਕਿਹਾ ਕਿ ਸੂਬੇ ਵਿੱਚ ਸਰਕਾਰੀ ਨੌਕਰੀਆਂ ਨੂੰ ਸਿਫ਼ਾਰਸ਼ਾਂ ਅਤੇ ਪੈਸੇ ਦੇ ਜ਼ੋਰ ਨਾਲ ਵੰਡਣ ਵਾਲਾ ਦੌਰ ਖਤਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਪਾਰਦਰਸ਼ੀ ਅਤੇ ਯੋਗਤਾ-ਅਧਾਰਿਤ ਪ੍ਰਣਾਲੀ ਰਾਹੀਂ 67,563 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦਾ ਭਰੋਸਾ ਮੁੜ ਕਾਇਮ ਹੋਇਆ ਹੈ।
ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ ਜਾਂਦਾ ਸੀ ਕਿਉਂਕਿ ਸਰਕਾਰੀ ਭਰਤੀਆਂ ਸਿਆਸੀ ਪ੍ਰਭਾਵ ਅਤੇ ਧਨਬਲ ਦੇ ਆਧਾਰ ’ਤੇ ਹੁੰਦੀਆਂ ਸਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਵੱਲੋਂ ਕੀਤੀ ਗਈ ਕਿਸੇ ਵੀ ਭਰਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ, ਜੋ ਭਰਤੀ ਪ੍ਰਕਿਰਿਆ ਦੀ ਨਿਰਪੱਖਤਾ ਦਾ ਸਬੂਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨੀਤੀ ਕਾਰਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਰੁਖ ਕਰਨ ਵਾਲੇ ਨੌਜਵਾਨਾਂ ਦਾ ਰੁਝਾਨ ਘਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਯੋਗ ਉਮੀਦਵਾਰ ਜਾਣਦਾ ਹੈ ਕਿ ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਅਤੇ ਯੋਗਤਾ ਹੀ ਮਾਪਦੰਡ ਹਨ।
ਸਿਹਤ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿੱਚ 990 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿੱਥੇ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 5.54 ਕਰੋੜ ਤੋਂ ਵੱਧ ਓਪੀਡੀ ਵਿਜ਼ਿਟ ਦਰਜ ਹੋ ਚੁੱਕੀਆਂ ਹਨ ਅਤੇ ਹਰ ਰੋਜ਼ ਲਗਭਗ 84 ਹਜ਼ਾਰ ਮਰੀਜ਼ ਇਲਾਜ ਸੇਵਾਵਾਂ ਲੈ ਰਹੇ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ, ਜਦਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਸਿਹਤ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਭਰਤੀ ਮੁਹਿੰਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 178 ਮੈਡੀਕਲ ਅਫ਼ਸਰ, 99 ਸਟਾਫ਼ ਨਰਸਾਂ, 188 ਮਲਟੀਪਰਪਜ਼ ਹੈਲਥ ਵਰਕਰਾਂ ਸਮੇਤ ਕੁੱਲ 523 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਮੁੱਖ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH