
ਮੋਹਾਲੀ, 17 ਜੂਨ (ਹਿੰ.ਸ.)| ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਵੱਲੋਂ ਨੀਟ (ਯੂ.ਜੀ)-2026 ਪ੍ਰੀਖਿਆ ਦੇ ਸੁਚਾਰੂ, ਸੁਰੱਖਿਅਤ ਅਤੇ ਪਾਰਦਰਸ਼ੀ ਸੰਚਾਲਨ ਨੂੰ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੁਲਿਸ, ਨਗਰ ਨਿਗਮ, ਸਿੱਖਿਆ, ਸਿਹਤ, ਬਿਜਲੀ, ਆਵਾਜਾਈ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੀਟ (ਯੂ.ਜੀ)-2026 ਦੇਸ਼ ਪੱਧਰ ਦੀ ਇੱਕ ਮਹੱਤਵਪੂਰਨ ਪ੍ਰਵੇਸ਼ ਪ੍ਰੀਖਿਆ ਹੈ ਅਤੇ ਨੀਟ ਦੇ ਜ਼ਿਲ੍ਹੇ ਵਿੱਚ ਅੱਠ ਸੈਂਟਰ ਬਣੇ ਹਨ। ਇਸ ਦੇ ਨਿਰਵਿਘਨ ਸੰਚਾਲਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਬਿਜਲੀ ਵਿਭਾਗ ਨੂੰ ਪ੍ਰੀਖਿਆ ਕੇਂਦਰਾਂ 'ਤੇ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਬੈਕਅੱਪ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਆਵਾਜਾਈ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੂੰ ਪ੍ਰੀਖਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ ਜਨਤਕ ਆਵਾਜਾਈ ਸੇਵਾਵਾਂ ਉਪਲਬਧ ਕਰਵਾਉਣ ਲਈ ਕਿਹਾ। ਸਿਹਤ ਵਿਭਾਗ ਨੂੰ ਪ੍ਰੀਖਿਆ ਕੇਂਦਰਾਂ ਨੇੜੇ ਐਮਰਜੈਂਸੀ ਅਤੇ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋੜ ਪੈਣ 'ਤੇ ਤੁਰੰਤ ਸਿਹਤ ਸਹਾਇਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
ਏ.ਡੀ.ਸੀ. ਨੇ ਕਿਹਾ ਕਿ ਦਿਵਿਆਂਗ ਪ੍ਰੀਖਿਆਰਥੀਆਂ ਲਈ ਵ੍ਹੀਲਚੇਅਰ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਜ਼ਿਲ੍ਹਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਨੂੰ ਪ੍ਰੀਖਿਆ ਕੇਂਦਰਾਂ ਦਾ ਪਹਿਲਾਂ ਦੌਰਾ ਕਰਕੇ ਸਾਰੇ ਪ੍ਰਬੰਧਾਂ ਦੀ ਜਾਂਚ ਕਰਨ ਲਈ ਕਿਹਾ।
ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਪ੍ਰਸ਼ਨ ਪੱਤਰਾਂ ਦੀ ਢੋਆ-ਢੁਆਈ ਦੌਰਾਨ ਸੁਰੱਖਿਆ ਐਸਕਾਰਟ ਮੁਹੱਈਆ ਕਰਵਾਉਣ, ਪ੍ਰੀਖਿਆ ਕੇਂਦਰਾਂ 'ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ, ਟਰੈਫਿਕ ਪ੍ਰਬੰਧ ਸੁਚਾਰੂ ਰੱਖਣ ਅਤੇ ਭੀੜ ਨਿਯੰਤਰਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਕੇਂਦਰਾਂ ਵਿੱਚ ਦਾਖਲੇ ਦੌਰਾਨ ਸਖ਼ਤ ਪਛਾਣ ਅਤੇ ਤਸਦੀਕ ਪ੍ਰਕਿਰਿਆ ਲਾਗੂ ਕਰਨ, ਨਿਯੰਤਰਿਤ ਦਾਖਲਾ ਯਕੀਨੀ ਬਣਾਉਣ ਅਤੇ ਅਣਅਧਿਕਾਰਤ ਵਿਅਕਤੀਆਂ ਦੀ ਪਹੁੰਚ 'ਤੇ ਪਾਬੰਦੀ ਲਗਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੀਖਿਆ ਦੇ ਦਿਨ ਜ਼ਿਲ੍ਹਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਕੇਂਦਰਾਂ ਦੀ ਨਿਰੰਤਰ ਨਿਗਰਾਨੀ ਕਰਨਗੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੀਖਿਆ ਦੇ ਸਫਲ ਆਯੋਜਨ ਲਈ ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਈਆਂ ਜਾਣ।
ਹਿੰਦੂਸਥਾਨ ਸਮਾਚਾਰ / GURSHARAN SINGH