ਵਿਵਾਦਤ ਵਾਇਰਲ ਵੀਡੀਓ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਸਤੀਫਾ ਦੇਣ : ਅਕਾਲੀ ਦਲ ‘ਵਾਰਿਸ ਪੰਜਾਬ ਦੇ’
ਅਕਾਲੀ ਦਲ ''ਵਾਰਿਸ ਪੰਜਾਬ ਦੇ'' ਵੱਲੋਂ ਡੀਸੀ ਦਫਤਰ ਬਾਹਰ ਵਿਰੋਧ ਪ੍ਰਦਰਸ਼ਨ ਮੁੱਖ ਮੰਤਰੀ ਦਾ ਫੂਕਿਆ ਪੁਤਲਾ, ਰਾਜਪਾਲ ਦੇ ਨਾਂਮ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ ਲੁਧਿਆਣਾ, 17 ਜੂਨ (ਹਿੰ.ਸ.)| ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਵਿਵਾਦਿਤ ਵਾਇਰਲ ਵੀਡੀਓ ਮਾ
Protest outside the Deputy Commissioner’s office


ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਡੀਸੀ ਦਫਤਰ ਬਾਹਰ ਵਿਰੋਧ ਪ੍ਰਦਰਸ਼ਨ ਮੁੱਖ ਮੰਤਰੀ ਦਾ ਫੂਕਿਆ ਪੁਤਲਾ, ਰਾਜਪਾਲ ਦੇ ਨਾਂਮ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ

ਲੁਧਿਆਣਾ, 17 ਜੂਨ (ਹਿੰ.ਸ.)| ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਵਿਵਾਦਿਤ ਵਾਇਰਲ ਵੀਡੀਓ ਮਾਮਲੇ ਨੂੰ ਲੈ ਕੇ ਲੁਧਿਆਣਾ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੱਢਦਿਆਂ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਦੀ ਗੈਰ-ਮੌਜੂਦਗੀ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਨੂੰ ਪੰਜਾਬ ਦੇ ਰਾਜਪਾਲ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ।

ਪਾਰਟੀ ਦੇ ਸੀਨੀਅਰ ਆਗੂ ਰਾਜੀਵ ਕੁਮਾਰ ਲਵਲੀ, ਜਥੇਦਾਰ ਜਸਵੰਤ ਸਿੰਘ ਚੀਮਾ ਅਤੇ ਸੰਦੀਪ ਸਿੰਘ ਰਪਾਲੋ ਨੇ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ, ਪੰਜਾਬ ਦੇ ਲੋਕਾਂ ਦੇ ਭਰੋਸੇ ਅਤੇ ਸੰਵਿਧਾਨਕ ਜਵਾਬਦੇਹੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਇੱਕ ਵਾਇਰਲ ਵੀਡੀਓ ਵਿੱਚ ਸਿੱਖ ਧਰਮ ਦੇ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਧਾਰਮਿਕ ਪ੍ਰਤੀਕਾਂ ਪ੍ਰਤੀ ਅਪਮਾਨਜਨਕ ਵਿਹਾਰ ਕੀਤੇ ਜਾਣ ਦੇ ਦੋਸ਼ ਲੱਗੇ ਸਨ।

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸ਼ੁਰੂ ਵਿੱਚ ਇਸ ਵੀਡੀਓ ਨੂੰ ਏਆਈ ਰਾਹੀਂ ਤਿਆਰ ਕੀਤਾ ਗਿਆ ਅਤੇ ਸਿਆਸੀ ਸਾਜ਼ਿਸ਼ ਦਾ ਹਿੱਸਾ ਦੱਸਿਆ ਸੀ। ਪਰ ਉਨ੍ਹਾਂ ਦੇ ਅਨੁਸਾਰ ਵੱਖ-ਵੱਖ ਫੋਰੈਂਸਿਕ ਜਾਂਚਾਂ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਵੀਡੀਓ ਵਿੱਚ ਕਿਸੇ ਕਿਸਮ ਦੀ ਐਡਿਟਿੰਗ ਜਾਂ ਡੀਪਫੇਕ ਤਕਨੀਕ ਦੀ ਵਰਤੋਂ ਦੇ ਸਬੂਤ ਨਹੀਂ ਮਿਲੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਇਸ ਮਾਮਲੇ ਸਬੰਧੀ ਹੁਕਮਨਾਮਾ ਜਾਰੀ ਕੀਤਾ ਗਿਆ।

ਪਾਰਟੀ ਆਗੂਆਂ ਨੇ ਕਿਹਾ ਕਿ ਹੁਣ ਇਹ ਸਿਰਫ਼ ਇੱਕ ਵੀਡੀਓ ਦਾ ਮਾਮਲਾ ਨਹੀਂ ਰਿਹਾ, ਸਗੋਂ ਲੋਕਾਂ ਸਾਹਮਣੇ ਕੀਤੇ ਗਏ ਦਾਅਵਿਆਂ ਦੀ ਸੱਚਾਈ ਅਤੇ ਜਵਾਬਦੇਹੀ ਦਾ ਸਵਾਲ ਵੀ ਬਣ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੈਤਿਕ ਆਧਾਰ ’ਤੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਉਨ੍ਹਾਂ ਖ਼ਿਲਾਫ਼ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ।

ਇਸ ਮੌਕੇ ਪੰਜ ਮੈਂਬਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਕੁਲਵਿੰਦਰ ਸਿੰਘ ਚੰਦੀ, ਅਜੀਤ ਸਿੰਘ ਬੱਲ, ਹਰਭਜਨ ਸਿੰਘ ਇਆਲੀ ਅਤੇ ਮਹਿਲਾ ਵਿੰਗ ਦੀ ਕੌਮੀ ਜਨਰਲ ਸਕੱਤਰ ਸਾਜੀਆ ਪ੍ਰਵੀਨ ਸਮੇਤ ਕਈ ਆਗੂ ਮੌਜੂਦ ਸਨ। ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ ਅਤੇ ਜਾਂਚ ਰਿਪੋਰਟ ਨੂੰ ਜਨਤਕ ਕੀਤਾ ਜਾਵੇ ਤਾਂ ਜੋ ਲੋਕਾਂ ਦੇ ਮਨਾਂ ਵਿੱਚ ਉੱਠ ਰਹੇ ਸਵਾਲਾਂ ਦੇ ਜਵਾਬ ਮਿਲ ਸਕਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande