
ਮੋਹਾਲੀ, 17 ਜੂਨ (ਹਿੰ.ਸ.)| ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਸੈਕਟਰ-67 ਅਤੇ ਸੈਕਟਰ-68 ਦੀਆਂ ਮਾਰਕੀਟਾਂ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਪਾਰੀਆਂ ਲਈ ਵਪਾਰ ਪੱਖੀ, ਸੁਰੱਖਿਅਤ ਅਤੇ ਸੁਖਾਵਾਂ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵਪਾਰੀਆਂ ਨਾਲ ਚੱਲ ਰਹੀਆਂ ਲੜੀਵਾਰ ਮੀਟਿੰਗਾਂ ਦੇ ਤਹਿਤ ਰਣਜੀਤਪਾਲ ਸਿੰਘ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਜ਼ਮੀਨੀ ਪੱਧਰ 'ਤੇ ਹੱਲ ਕਰਨ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ 'ਤੇ ਟਰੇਡਰਜ਼ ਕਮਿਸ਼ਨ ਦੀਆਂ ਇਕਾਈਆਂ ਸਥਾਪਤ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਪਹਿਲਾਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਿਰਫ਼ ਰਾਜ ਪੱਧਰ ਦੀ ਇੱਕ ਇਕਾਈ ਸੀ, ਜਿਸ ਕਾਰਨ ਕਈ ਮਸਲਿਆਂ ਦੇ ਹੱਲ ਵਿੱਚ ਸਮਾਂ ਲੱਗਦਾ ਸੀ। ਹੁਣ ਸਥਾਨਕ ਪੱਧਰ 'ਤੇ ਬਣੀਆਂ ਕਮਿਸ਼ਨ ਇਕਾਈਆਂ ਵਪਾਰੀਆਂ ਨਾਲ ਸਿੱਧਾ ਸੰਪਰਕ ਬਣਾਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣਗੀਆਂ।
ਵਪਾਰੀਆਂ ਵੱਲੋਂ ਸੀਵਰੇਜ, ਸਫ਼ਾਈ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਚੁੱਕੇ ਗਏ ਮਸਲਿਆਂ 'ਤੇ ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਦਾ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਅਤੇ ਪ੍ਰਭਾਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਰਣਜੀਤਪਾਲ ਸਿੰਘ ਨੇ ਕਿਹਾ ਕਿ ਵਪਾਰੀ ਵਰਗ ਰਾਜ ਦੀ ਆਰਥਿਕਤਾ ਦਾ ਅਹਿਮ ਅੰਗ ਹੈ ਅਤੇ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਪੱਧਰੀ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਸਹਾਇਕ ਕਮਿਸ਼ਨਰ ਨਗਰ ਨਿਗਮ ਮੋਹਾਲੀ ਮਨਪ੍ਰੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH