
ਸ੍ਰੀ ਫਤਹਿਗੜ੍ਹ ਸਾਹਿਬ, 17 ਜੂਨ (ਹਿੰ.ਸ.)। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਉਨ੍ਹਾਂ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਸਡਾ. ਅਮਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਸ ਵੀਡੀਓ ਨਾਲ ਜੁੜਿਆ ਹੋਇਆ ਹੈ ਜਿਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸ਼ਿਕਾਇਤਾਂ ਪਹੁੰਚੀਆਂ ਸਨ। ਇਸ ਵੀਡੀਓ ਵਿਚ ਭਗਵੰਤ ਮਾਨ ਉੱਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਗੰਭੀਰ ਦੋਸ਼ ਲੱਗੇ। ਮੁੱਖ ਮੰਤਰੀ ਨੇ ਇਸ ਵੀਡੀਓ ਨੂੰ ਜਾਅਲੀ ਅਤੇ ਏਆਈ ਰਾਹੀਂ ਤਿਆਰ ਕੀਤੀ ਹੋਈ ਦੱਸਿਆ ਸੀ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੱਖ-ਵੱਖ ਲੈਬਾਂ ਵਿਚ ਇਸ ਦੀ ਜਾਂਚ ਤੋਂ ਬਾਅਦ ਇਸ ਨੂੰ ਅਸਲੀ ਪਾਇਆ ਅਤੇ ਮੁਖ ਮੰਤਰੀ ਖਿਲਾਫ ਏਨਾ ਸਖਤ ਫੈਸਲਾ ਸੁਣਾਇਆ।
ਡਾ. ਅਮਰ ਸਿੰਘ ਨੇ ਕਿਹਾ ਕਿ ਇਹ ਕੋਈ ਆਮ ਸਿਆਸੀ ਟਿੱਪਣੀ ਨਹੀਂ, ਸਗੋਂ ਸਿੱਖ ਕੌਮ ਦੀ ਸਰਵਉੱਚ ਸੰਸਥਾ ਵੱਲੋਂ ਦਿੱਤਾ ਗਿਆ ਬਹੁਤ ਗੰਭੀਰ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਸ਼ਾਇਦ ਹੀ ਕਦੇ ਅਜਿਹਾ ਹੋਇਆ ਹੋਵੇ ਕਿ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਏਨਾ ਸਖ਼ਤ ਫੈਸਲਾ ਲੈਣਾ ਪਿਆ ਹੋਵੇ। ਇਸ ਫ਼ੈਸਲੇ ਨੇ ਭਗਵੰਤ ਮਾਨ ਦੀ ਨੈਤਿਕ ਅਤੇ ਰਾਜਨੀਤਿਕ ਸਾਖ਼ ਉੱਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ।
ਡਾ. ਅਮਰ ਸਿੰਘ ਨੇ ਕਿਹਾ ਕਿ ਲੋਕਤੰਤਰ ਵਿਚ ਸਿਰਫ਼ ਬਹੁਮਤ ਹੀ ਸਭ ਕੁਝ ਨਹੀਂ ਹੁੰਦਾ, ਸਗੋਂ ਲੋਕਾਂ ਦਾ ਵਿਸ਼ਵਾਸ ਅਤੇ ਨੈਤਿਕ ਜਵਾਬਦੇਹੀ ਵੀ ਉਨੀ ਹੀ ਮਹੱਤਵਪੂਰਨ ਹੁੰਦੀ ਹੈ ਅਤੇ ਇਸੇ ਜਵਾਬਦੇਹੀ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੂੰ ਆਪਣੀ ਕੁਰਸੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਕਾਨੂੰਨ-ਵਿਵਸਥਾ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅਜਿਹੇ ਸਮੇਂ ਵਿਚ ਮੁੱਖ ਮੰਤਰੀ ਦਾ ਇਸ ਤਰ੍ਹਾਂ ਦੇ ਵਿਵਾਦਾਂ ’ਚ ਘਿਰਨਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇੰਨਾ ਗੰਭੀਰ ਫ਼ੈਸਲਾ ਆਉਣਾ ਬਹੁਤ ਦੁਖਦਾਈ ਹੈ।
ਡਾ. ਅਮਰ ਸਿੰਘ ਨੇ ਕਿਹਾ, ਜਿਸ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਗੁਰੂ ਦੋਖੀ' ਅਤੇ 'ਖਾਲਸਾ ਪੰਥ ਵਿਰੋਧੀ' ਕਰਾਰ ਦੇਵੇ, ਉਸ ਕੋਲ ਪੰਜਾਬ ਦੀ ਅਗਵਾਈ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਰਹਿ ਜਾਂਦਾ। ਭਗਵੰਤ ਮਾਨ ਨੂੰ ਪੰਜਾਬੀਆਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ