
ਚੰਡੀਗੜ੍ਹ, 17 ਜੂਨ (ਹਿੰ.ਸ.)| ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ (ਐਸਸੀ), ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਵੱਡਾ ਉਪਰਾਲਾ ਕੀਤਾ ਹੈ। ਸਰਕਾਰ ਵੱਲੋਂ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲਆਈਸੀ/ਜੀਆਈਸੀ) ਪ੍ਰੀਖਿਆ-2026 ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਗਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਯੋਗ ਅਤੇ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਭਵਿੱਖ ਬਣਾ ਸਕਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਆਰਥਿਕ ਤੰਗੀ ਕਾਰਨ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਮੌਕਿਆਂ ਤੋਂ ਵਾਂਝਾ ਨਾ ਰਹੇ।ਉਨ੍ਹਾਂ ਕਿਹਾ, “ਪ੍ਰਤਿਭਾ ਨੂੰ ਕਦੇ ਵੀ ਆਰਥਿਕ ਕਮਜ਼ੋਰੀ ਕਾਰਨ ਪਿੱਛੇ ਨਹੀਂ ਰਹਿਣਾ ਚਾਹੀਦਾ। ਸਰਕਾਰ ਯੋਗ ਨੌਜਵਾਨਾਂ ਨੂੰ ਉਹ ਸਹੂਲਤਾਂ ਅਤੇ ਮਾਰਗਦਰਸ਼ਨ ਦੇਣ ਲਈ ਕੰਮ ਕਰ ਰਹੀ ਹੈ, ਜਿਸ ਨਾਲ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰ ਸਕਣ।” ਇਹ ਮੁਫ਼ਤ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ਼-3ਬੀ2, ਐਸਏਐਸ ਨਗਰ (ਮੋਹਾਲੀ) ਵਿਖੇ ਕਰਵਾਈ ਜਾਵੇਗੀ। ਇਸ ਲਈ ਪੰਜਾਬ ਦੇ ਪੱਕੇ ਵਸਨੀਕ, ਐਸਸੀ, ਓਬੀਸੀ ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗ੍ਰੈਜੂਏਟ ਉਮੀਦਵਾਰ ਅਰਜ਼ੀ ਦੇ ਸਕਦੇ ਹਨ। ਉਮੀਦਵਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਉਮੀਦਵਾਰਾਂ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਅਫੇਅਰਜ਼ ਵਿਸ਼ਿਆਂ ਦੇ ਆਬਜੈਕਟਿਵ ਟੈਸਟ ਰਾਹੀਂ ਕੀਤੀ ਜਾਵੇਗੀ। ਇਹ ਪ੍ਰੀਖਿਆ 3 ਜੁਲਾਈ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਮੋਹਾਲੀ ਸਥਿਤ ਇੰਸਟੀਚਿਊਟ ਵਿੱਚ ਹੋਵੇਗੀ। ਇੱਛੁਕ ਉਮੀਦਵਾਰ 30 ਜੂਨ 2026 ਤੱਕ ਆਪਣੀਆਂ ਅਰਜ਼ੀਆਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾਂ ਕਰਵਾ ਸਕਦੇ ਹਨ। ਅਰਜ਼ੀਆਂ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਮੋਹਾਲੀ ਦੇ ਦਫ਼ਤਰ ਵਿੱਚ ਦਿੱਤੀਆਂ ਜਾ ਸਕਦੀਆਂ ਹਨ ਜਾਂ ਈ-ਮੇਲ ਰਾਹੀਂ ਭੇਜੀਆਂ ਜਾ ਸਕਦੀਆਂ ਹਨ।ਯੋਗਤਾ ਅਤੇ ਹੋਰ ਜਾਣਕਾਰੀ ਲਈ ਉਮੀਦਵਾਰ ਪੰਜਾਬ ਸਰਕਾਰ ਦੀ ਵੈੱਬਸਾਈਟ www.welfare.punjab.gov.in 'ਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH