
ਬਠਿੰਡਾ, 17 ਜੂਨ (ਹਿੰ.ਸ.)। ਸ੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਕਥਿਤ ਬੇਅਦਬੀ ਨਾਲ ਸਬੰਧਤ ਵੀਡੀਓ ਨੂੰ ਲੈ ਕੇ ਦੋ ਲੈਬਾਰਟਰੀਆਂ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਰਿਪੋਰਟਾਂ ਵਿੱਚ ਵੀਡੀਓ ਨੂੰ ਸਹੀ ਪਾਇਆ ਗਿਆ ਹੈ ਤਾਂ ਇਸ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਬਬਲੀ ਢਿੱਲੋਂ ਨੇ ਕਿਹਾ ਕਿ ਜਦੋਂ ਇਹ ਵੀਡੀਓ ਪਹਿਲੀ ਵਾਰ ਸਾਹਮਣੇ ਆਈ ਸੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਤਿਆਰ ਕੀਤੀ ਗਈ ਵੀਡੀਓ ਦੱਸਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਇਸ ਮਾਮਲੇ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋਇਆ ਸੀ ਅਤੇ ਸਿੱਖ ਸੰਗਤਾਂ ਵਿੱਚ ਵੀ ਇਸ ਸਬੰਧੀ ਗੰਭੀਰ ਚਰਚਾ ਹੋਈ ਸੀ। ਅਕਾਲੀ ਆਗੂ ਨੇ ਕਿਹਾ ਕਿ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਗਈ ਸੀ ਕਿ ਉਹ ਕੋਈ ਵੀ ਦੋ ਲੈਬਾਰਟਰੀਆਂ ਦਾ ਨਾਮ ਦੱਸਣ, ਜਿੱਥੇ ਇਸ ਵੀਡੀਓ ਦੀ ਜਾਂਚ ਕਰਵਾਈ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਉਸ ਵੇਲੇ ਮੁੱਖ ਮੰਤਰੀ ਨੇ ਵੀ ਕਿਹਾ ਸੀ ਕਿ ਇਸ ਵੀਡੀਓ ਦੀ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਜਾਂ ਲੈਬਾਰਟਰੀ ਤੋਂ ਜਾਂਚ ਕਰਵਾਈ ਜਾ ਸਕਦੀ ਹੈ।
ਬਬਲੀ ਢਿੱਲੋਂ ਨੇ ਕਿਹਾ ਕਿ ਹੁਣ ਜਦੋਂ ਦੋ ਲੈਬਾਰਟਰੀਆਂ ਦੀਆਂ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ ਤਾਂ ਸਰਕਾਰ ਅਤੇ ਜਾਂਚ ਏਜੰਸੀਆਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਬੇਅਦਬੀ ਸਬੰਧੀ ਬਣਾਏ ਗਏ ਨਵੇਂ ਕਾਨੂੰਨ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਪੱਖਪਾਤ ਨਹੀਂ ਹੋਣਾ ਚਾਹੀਦਾ। ਕਾਨੂੰਨ ਸਾਰਿਆਂ ਲਈ ਬਰਾਬਰ ਹੈ ਅਤੇ ਜੇਕਰ ਕਿਸੇ ਆਮ ਵਿਅਕਤੀ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ ਤਾਂ ਉੱਚ ਅਹੁਦਿਆਂ ’ਤੇ ਬੈਠੇ ਲੋਕ ਵੀ ਕਾਨੂੰਨ ਤੋਂ ਉੱਪਰ ਨਹੀਂ ਹੋ ਸਕਦੇ। ਅਕਾਲੀ ਆਗੂ ਨੇ ਅੱਗੇ ਕਿਹਾ ਕਿ ਨੈਤਿਕ ਆਧਾਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਿੱਚ ਅਸਫਲ ਰਹੀ ਹੈ ਅਤੇ ਇਸ ਕਾਰਨ ਲੋਕਾਂ ਵਿੱਚ ਰੋਸ ਵਧ ਰਿਹਾ ਹੈ।
ਬਬਲੀ ਢਿੱਲੋਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ਢੁੱਕਵੀਂ ਕਾਰਵਾਈ ਨਾ ਕੀਤੀ ਤਾਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਪਿੰਡਾਂ ਵਿੱਚ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥਕ ਮੁੱਦਿਆਂ ਅਤੇ ਸਿੱਖ ਭਾਵਨਾਵਾਂ ਦੀ ਰੱਖਿਆ ਲਈ ਸੰਘਰਸ਼ ਕਰਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਮਾਮਲਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ