
ਅੰਮ੍ਰਿਤਸਰ, 18 ਜੂਨ (ਹਿੰ.ਸ.)| ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਦਰਦਨਾਕ ਘਟਨਾ ਨੇ ਸਿੱਖ ਭਾਈਚਾਰੇ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਗੁਰਦੁਆਰਾ ਸਾਹਿਬ ਵਿੱਚ ਸੇਵਾ ਨਿਭਾ ਰਹੇ ਸ਼ਰਧਾਲੂ ਜੋੜੇ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਇਸ ਦੁਖਦਾਈ ਅਤੇ ਅਣਮਨੁੱਖੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਧਾਰਮਿਕ ਸਥਾਨ ਅੰਦਰ ਦਾਖਲ ਹੋ ਕੇ ਬੇਕਸੂਰ ਲੋਕਾਂ ਦੀ ਹੱਤਿਆ ਕਰਨਾ ਮਨੁੱਖਤਾ ਵਿਰੁੱਧ ਗੰਭੀਰ ਅਪਰਾਧ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਸਿੱਖ ਭਾਈਚਾਰੇ ਸਗੋਂ ਪਾਕਿਸਤਾਨ ਵਿੱਚ ਰਹਿ ਰਹੇ ਸਾਰੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਚਿੰਤਾ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਮਲੇ ਧਾਰਮਿਕ ਸਦਭਾਵਨਾ ਅਤੇ ਸਮਾਜਿਕ ਸ਼ਾਂਤੀ ਲਈ ਵੱਡਾ ਖਤਰਾ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਐੱਸਜੀਪੀਸੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਇਸ ਜਘਨਿਆ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਵੱਸਦੇ ਸਿੱਖਾਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਹਰਜਿੰਦਰ ਸਿੰਘ ਧਾਮੀ ਨੇ ਮ੍ਰਿਤਕ ਜੋੜੇ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਪ੍ਰਦਾਨ ਕਰਨ। ਸਿੱਖ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਵੀ ਇਸ ਘਟਨਾ 'ਤੇ ਗਹਿਰਾ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH