ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਹਿੰਮਤ ਅਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼: ਨਾਇਬ ਸਿੰਘ ਸੈਣੀ
ਚੰਡੀਗੜ੍ਹ, 18 ਜੂਨ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਭਾਰਤੀ ਇਤਿਹਾਸ ਵਿੱਚ ਸੱਚ, ਧਰਮ, ਮਨੁੱਖਤਾ ਅਤੇ ਆਤਮਿਕ ਸ਼ਕਤੀ ਦੀ ਵਿਲੱਖਣ ਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਅਨਿਆਂ, ਜ਼ੁਲਮ ਅਤੇ
ਛਬੀਲ ਵਰਤਾਉਂਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।


ਚੰਡੀਗੜ੍ਹ, 18 ਜੂਨ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਭਾਰਤੀ ਇਤਿਹਾਸ ਵਿੱਚ ਸੱਚ, ਧਰਮ, ਮਨੁੱਖਤਾ ਅਤੇ ਆਤਮਿਕ ਸ਼ਕਤੀ ਦੀ ਵਿਲੱਖਣ ਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਅਨਿਆਂ, ਜ਼ੁਲਮ ਅਤੇ ਝੂਠ ਦੇ ਸਾਹਮਣੇ ਡਟੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ।

ਮੁੱਖ ਮੰਤਰੀ ਵੀਰਵਾਰ ਨੂੰ ਪੰਚਕੂਲਾ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਸ਼ਹਾਦਤ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਮੁੱਖ ਮੰਤਰੀ ਨੇ ਛਬੀਲ ਦੀ ਸੇਵਾ ਵੀ ਕੀਤੀ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿਰਫ਼ ਸਿੱਖ ਸਮਾਜ ਦੀ ਵਿਰਾਸਤ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ਨੂੰ ਜੋੜਨ, ਮਨੁੱਖਤਾ ਦੀ ਸੇਵਾ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕਰਕੇ ਚਾਰ ਦਰਵਾਜ਼ਿਆਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਇਹ ਪਵਿੱਤਰ ਸਥਾਨ ਹਰ ਵਰਗ ਅਤੇ ਹਰ ਮਨੁੱਖ ਲਈ ਖੁੱਲ੍ਹਾ ਹੈ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਸੰਤਾਂ ਦੀ ਬਾਣੀ ਨੂੰ ਸ਼ਾਮਲ ਕਰਕੇ ਦੇਸ਼ ਦੀ ਵਿਭਿੰਨਤਾ ਨੂੰ ਏਕਤਾ ਦੇ ਧਾਗੇ ਵਿੱਚ ਜੋੜਨ ਦਾ ਮਹਾਨ ਕਾਰਜ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਸਿਰਫ਼ ਸ਼ਰਧਾਂਜਲੀ ਦੇਣ ਦਾ ਮੌਕਾ ਨਹੀਂ, ਸਗੋਂ ਆਤਮ-ਚਿੰਤਨ ਦਾ ਵੀ ਸਮਾਂ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਅਤਿਆਚਾਰ ਸਹਿੰਦੇ ਹੋਏ ਵੀ ਆਪਣੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ ਅਤੇ ‘ਤੇਰਾ ਕੀਆ ਮੀਠਾ ਲਾਗੇ’ ਦਾ ਉਚਾਰਨ ਕਰਦਿਆਂ ਪ੍ਰਭੂ ਦੇ ਭਾਣੇ ਨੂੰ ਸਵੀਕਾਰ ਕੀਤਾ। ਉਨ੍ਹਾਂ ਦੀ ਸ਼ਹਾਦਤ ਆਤਮਿਕ ਧੀਰਜ ਅਤੇ ਅਟੁੱਟ ਵਿਸ਼ਵਾਸ ਦੀ ਮਿਸਾਲ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖ ਗੁਰੂਆਂ ਦੇ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਕੂਲਾਂ ਦੇ ਇਤਿਹਾਸ ਸਿਲੇਬਸ ਵਿੱਚ ਸਿੱਖ ਗੁਰੂਆਂ ਦੇ ਯੋਗਦਾਨ ਨੂੰ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਗੁਰੂਆਂ ਵੱਲੋਂ ਦਿੱਤਾ ਗਿਆ ਸੇਵਾ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਵੀ ਸਮਾਜ ਲਈ ਮਾਰਗਦਰਸ਼ਕ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਇਹੀ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕਰਨ ਦਾ ਰਸਤਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande