
ਚੰਡੀਗੜ੍ਹ, 18 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਕਲੀ ਵੀਡੀਓ ਵਿਵਾਦ ਨੂੰ ਲੈ ਕੇ ਆਪਣੀ ਚੁੱਪੀ ਤੋੜਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਪੰਜਾਬ ਦੇ ਲੋਕਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਗਤ ਦੀ ਸੇਵਾ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਸਾਜ਼ਿਸ਼ ਜਾਂ ਪ੍ਰਚਾਰ ਉਨ੍ਹਾਂ ਅਤੇ ਲੋਕਾਂ ਵਿਚਕਾਰ ਬਣੇ ਭਰੋਸੇ ਨੂੰ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਦੋ ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਸਾਬਤ ਕਰ ਦਿੱਤਾ ਹੈ ਕਿ ਵਿਵਾਦਿਤ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ।
ਇੱਕ ਵੀਡੀਓ ਸੰਦੇਸ਼ ਰਾਹੀਂ ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਦੌਰਾਨ ਵੀਡੀਓ ਦੇ ਕੁੱਲ 1,191 ਫਰੇਮਾਂ ਦੀ ਪੜਤਾਲ ਕੀਤੀ ਗਈ, ਪਰ ਇੱਕ ਵੀ ਫਰੇਮ ਉਨ੍ਹਾਂ ਦੇ ਚਿਹਰੇ, ਸਰੀਰਕ ਬਣਤਰ, ਕੱਦ ਜਾਂ ਕਿਸੇ ਹੋਰ ਵਿਸ਼ੇਸ਼ਤਾ ਨਾਲ ਮੇਲ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ ਰਿਪੋਰਟਾਂ ਮੁਤਾਬਕ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਨ੍ਹਾਂ ਨਾਲੋਂ ਲਗਭਗ ਦੋ ਇੰਚ ਲੰਬਾ ਹੈ ਅਤੇ ਇਹ ਸਪੱਸ਼ਟ ਤੌਰ 'ਤੇ ਕਿਸੇ ਹੋਰ ਵਿਅਕਤੀ ਦੀ ਵਰਤੋਂ ਕਰਕੇ ਬਣਾਈ ਗਈ ਸਾਜ਼ਿਸ਼ ਹੈ।
ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਆਪਣੇ ਅਕਸ ਨੂੰ ਖਰਾਬ ਕਰਨ ਲਈ ਰਚੀ ਗਈ ਸੋਚੀ-ਸਮਝੀ ਯੋਜਨਾ ਕਰਾਰ ਦਿੰਦਿਆਂ ਕਿਹਾ ਕਿ ਕੁਝ ਸਿਆਸੀ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਰਹੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਡੀਜੀਪੀ ਨੂੰ ਇਸ ਸਾਜ਼ਿਸ਼ ਵਿੱਚ ਸ਼ਾਮਲ ਹਰ ਵਿਅਕਤੀ ਦੀ ਪਛਾਣ ਕਰਕੇ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਅਤੇ ਪੰਜਾਬ ਦੀ ਭਲਾਈ ਲਈ ਕੀਤੇ ਗਏ ਫ਼ੈਸਲਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪਾਲਕੀ ਸਾਹਿਬ ਦੇ ਵਾਹਨਾਂ ਨੂੰ ਟੈਕਸ ਮੁਆਫ਼ੀ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ, ਤਖ਼ਤ ਸਾਹਿਬਾਨ ਨਾਲ ਸਬੰਧਤ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣਾ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਸਨਮਾਨ ਦੇਣ ਵਰਗੇ ਕਈ ਇਤਿਹਾਸਕ ਕਦਮ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਲਈ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਨੌਕਰੀਆਂ, ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਪਹੁੰਚ ਵਧਾਉਣ ਵਰਗੇ ਕਈ ਮਹੱਤਵਪੂਰਨ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਕਾਰਨ ਕੁਝ ਸਿਆਸੀ ਧਿਰਾਂ ਬੇਚੈਨ ਹਨ ਅਤੇ ਧਰਮ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਮਕਸਦਾਂ ਲਈ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਸਾਜ਼ਿਸ਼ਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਹਰ ਪਲ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਲਈ ਸਮਰਪਿਤ ਹੈ ਅਤੇ ਉਹ ਹਮੇਸ਼ਾ ਸੂਬੇ ਦੇ ਹੱਕਾਂ ਅਤੇ ਹਿੱਤਾਂ ਲਈ ਡਟ ਕੇ ਖੜ੍ਹੇ ਰਹਿਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH