
ਚੰਡੀਗੜ੍ਹ, 19 ਜੂਨ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੇ ਮਾਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਇਹ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਨੇ ਇੱਕ ਮਤਾ ਪਾਸ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨਾਂ ਅਤੇ ਕਾਰਵਾਈਆਂ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕਮੇਟੀ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਸਿੱਖ ਕੌਮ ਵਿੱਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਚੁਣੌਤੀ ਦੇ ਕੇ ਆਪਣੇ ਗੁਨਾਹਾਂ ਵਿੱਚ ਹੋਰ ਵਾਧਾ ਕਰ ਰਹੇ ਹਨ।
ਡਾ. ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀਡੀਓ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ 24 ਘੰਟਿਆਂ ਦੇ ਅੰਦਰ ਲੈਬ ਰਿਪੋਰਟਾਂ ਹਾਸਲ ਕਰਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਸੰਬੰਧਿਤ ਵੀਡੀਓ ਅਸਲੀ ਹੈ ਅਤੇ ਇਹ ਕਿਸੇ ਏਆਈ ਤਕਨਾਲੋਜੀ ਰਾਹੀਂ ਤਿਆਰ ਨਹੀਂ ਕੀਤੀ ਗਈ।
ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਇਸ ਮਾਮਲੇ ‘ਤੇ ਵਿਚਾਰ-ਵਟਾਂਦਰਾ ਕੀਤਾ। ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ ਵੀਡੀਓ ਨੂੰ ਏਆਈ ਰਾਹੀਂ ਤਿਆਰ ਦੱਸ ਕੇ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਇਸ ਤੋਂ ਇਲਾਵਾ ਵਰਕਿੰਗ ਕਮੇਟੀ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਸਮੀਖਿਆ ਕੀਤੀ ਅਤੇ ਐਲਾਨ ਕੀਤਾ ਕਿ ਅਗਲੇ 15 ਦਿਨਾਂ ਵਿੱਚ ਬੂਥ ਪੱਧਰ ਤੱਕ ਸਾਰਾ ਢਾਂਚਾ ਮੁਕੰਮਲ ਕਰ ਲਿਆ ਜਾਵੇਗਾ। ਕਮੇਟੀ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਰੋਸ ਪ੍ਰਦਰਸ਼ਨਾਂ ਦੌਰਾਨ ਪੁਲਿਸ ਕਾਰਵਾਈ ‘ਤੇ ਵੀ ਚਿੰਤਾ ਪ੍ਰਗਟਾਈ।
ਹਿੰਦੂਸਥਾਨ ਸਮਾਚਾਰ / GURSHARAN SINGH