
ਜਲੰਧਰ, 19 ਜੂਨ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ ਸੰਗਠਨ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਜਲੰਧਰ ਵਿਖੇ ਇੱਕ ਅਹਿਮ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿੱਚ ਬੂਥ ਪੱਧਰ ਤੱਕ ਸੰਗਠਨ ਦਾ ਪੁਨਰਗਠਨ ਕਰਨ ਅਤੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਫੈਸਲੇ ਲੈਂਦਿਆਂ ਸਮੁੱਚੀ ਲੀਡਰਸ਼ਿਪ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ।
ਇਸ ਉੱਚ ਪੱਧਰੀ ਬੈਠਕ ਵਿੱਚ ਮੁੱਖ ਮਹਿਮਾਨ ਵਜੋਂ ਰਾਮਜੀ ਗੌਤਮ (ਮੁੱਖ ਸੈਕਟਰ ਪ੍ਰਭਾਰੀ ਇੰਚਾਰਜ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮਹਾਰਾਸ਼ਟਰ) ਨੇ ਸ਼ਿਰਕਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਬਿਪਲ ਕੁਮਾਰ (ਕੇਂਦਰੀ ਪ੍ਰਭਾਰੀ ਬਹੁਜਨ ਸਮਾਜ ਪਾਰਟੀ, ਪੰਜਾਬ) ਹਾਜ਼ਰ ਹੋਏ। ਬੈਠਕ ਦੀ ਪ੍ਰਧਾਨਗੀ ਬਸਪਾ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਡਾ. ਅਵਤਾਰ ਸਿੰਘ ਕਰੀਮਪੁਰੀ ਵੱਲੋਂ ਕੀਤੀ ਗਈ।
ਬੈਠਕ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਰਾਮ ਜੀ ਗੌਤਮ, ਕੇਂਦਰੀ ਪ੍ਰਭਾਰੀ ਬਿਪਲ ਕੁਮਾਰ ਅਤੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਾਂਝੇ ਤੌਰ 'ਤੇ ਆਖਿਆ ਕਿ ਬਹੁਜਨ ਸਮਾਜ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਅੰਦਰ ਆਪਣੀ ਮਜ਼ਬੂਤ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਗੰਭੀਰ ਚੁਣੌਤੀਆਂ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਇਨ੍ਹਾਂ ਚੁਣੌਤੀਆਂ ਵਿੱਚੋਂ ਸੂਬੇ ਨੂੰ ਸਿਰਫ਼ ਬਸਪਾ ਹੀ ਕੱਢ ਸਕਦੀ ਹੈ।
ਆਗੂਆਂ ਨੇ ਐਲਾਨ ਕੀਤਾ ਕਿ ਇਸ ਮਕਸਦ ਦੀ ਪ੍ਰਾਪਤੀ ਲਈ ਪਾਰਟੀ ਦੇ 'ਪੰਜਾਬ ਸੰਭਾਲੋ ਮੁਹਿੰਮ' ਦੇ ਏਜੰਡੇ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਵਰਕਰਾਂ ਵਿੱਚ ਭਾਰੀ ਉਤਸ਼ਾਹ ਭਰਦਿਆਂ ਲੀਡਰਸ਼ਿਪ ਨੇ ਸਪੱਸ਼ਟ ਕੀਤਾ ਕਿ ਬੂਥ ਪੱਧਰ ਤੱਕ ਸੰਗਠਨ ਨੂੰ ਇੰਨਾ ਮਜ਼ਬੂਤ ਕਰ ਦਿੱਤਾ ਜਾਵੇਗਾ ਕਿ ਵਿਰੋਧੀ ਪਾਰਟੀਆਂ ਦਾ ਸੂਬੇ ਵਿੱਚੋਂ ਸਫ਼ਾਇਆ ਹੋਣਾ ਤੈਅ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ