
ਜੰਡਿਆਲਾ ਗੁਰੂ/ਅੰਮ੍ਰਿਤਸਰ, 19 ਜੂਨ (ਹਿੰ.ਸ.)। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਜਨਤਾ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ, ਸਥਾਨਕ ਵਿਕਾਸ ਕਾਰਜਾਂ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸਭ ਤੋਂ ਪਹਿਲਾਂ ਪਿੰਡ ਬੁੱਟਰ ਸੀਵੀਆ ਵਿੱਚ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਤੋਂ ਬਾਅਦ ਪਿੰਡ ਧਰਮੂਚੱਕ, ਪਿੰਡ ਦਬੁਰਜੀ ਅਤੇ ਪਿੰਡ ਉਦੋਨੰਗਲ ਖੁਰਦ ਵਿੱਚ ਆਯੋਜਿਤ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦਿਆਂ ਲੋਕਾਂ ਨਾਲ ਖੁੱਲ੍ਹਾ ਸੰਵਾਦ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਹੁਣ ਤੱਕ ਕੀਤੇ ਗਏ ਵਿਕਾਸ ਕਾਰਜਾਂ ’ਤੇ ਚਾਨਣਾ ਪਾਇਆ ਗਿਆ।
ਇਨ੍ਹਾਂ ਮਿਲਣੀਆਂ ਦੌਰਾਨ ਸੜਕਾਂ, ਪੀਣ ਵਾਲੇ ਪਾਣੀ, ਸਫਾਈ ਪ੍ਰਬੰਧ, ਸਿਹਤ ਸਹੂਲਤਾਂ ਅਤੇ ਹੋਰ ਲੋਕ ਭਲਾਈ ਮੁੱਦਿਆਂ ਬਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ। ਲੋਕ ਨਿਰਮਾਣ ਮੰਤਰੀ ਨੇ ਮੌਕੇ `ਤੇ ਹੀ ਸੰਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਰ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਜ਼ਮੀਨੀ ਹਕੀਕਤਾਂ ਨੂੰ ਸਮਝਣਾ ਅਤੇ ਉਸ ਅਨੁਸਾਰ ਨੀਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੀ ਇਸ ਦੌਰੇ ਦਾ ਮੁੱਖ ਮਕਸਦ ਸੀ।
ਇਸ ਮੌਕੇ ਪਿੰਡ ਵਾਸੀਆਂ ਵੱਲੋਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਸਨਮਾਨ ਕੀਤਾ ਗਿਆ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟਾਇਆ ਗਿਆ। ਜ਼ਿਕਰਯੋਗ ਹੈ ਕਿ ਹਲਕਾ ਜੰਡਿਆਲਾ ਗੁਰੂ ਵਿੱਚ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵੱਖ ਵੱਖ ਪਿੰਡਾਂ, ਵਾਰਡਾਂ ਵਿੱਚ ਪਹੁੰਚਕੇ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ