
ਮੋਹਾਲੀ, 19 ਜੂਨ (ਹਿੰ.ਸ.)| ਮੋਹਾਲੀ ਸ਼ਹਿਰ ਵਿੱਚ ਬਰਸਾਤੀ ਮੌਸਮ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਮੇਅਰ ਸਰਬਜੀਤ ਸਿੰਘ ਸਮਾਣਾ ਨੇ 48 ਲੱਖ ਰੁਪਏ ਦੀ ਲਾਗਤ ਵਾਲੇ ਡਰੇਨੇਜ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਮਾਣਾ ਨੇ ਦੱਸਿਆ ਕਿ ਮੋਹਾਲੀ ਦੇ ਫੇਜ਼-9 ਵਿੱਚ ਮਕਾਨ ਨੰਬਰ 1130-31 ਦੇ ਨੇੜੇ ਬਰਸਾਤੀ ਦਿਨਾਂ ਦੌਰਾਨ ਵਾਟਰ ਲੋਗਿੰਗ ਦੀ ਗੰਭੀਰ ਸਮੱਸਿਆ ਰਹਿੰਦੀ ਸੀ, ਜਿਸ ਕਾਰਨ ਸਥਾਨਕ ਵਸਨੀਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਦੇ ਹੱਲ ਲਈ ਮੋਹਾਲੀ ਨਗਰ ਨਿਗਮ ਵੱਲੋਂ 800 ਐਮ.ਐਮ. ਵਿਆਸ ਵਾਲੀ ਪਾਈਪ ਲਾਈਨ ਵਿਛਾਉਣ ਦਾ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਰੀਬ 200 ਮੀਟਰ ਲੰਬੀ ਇਸ ਪਾਈਪ ਲਾਈਨ ਰਾਹੀਂ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਇਆ ਜਾਵੇਗਾ, ਜਿਸ ਨਾਲ ਇਲਾਕੇ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰ ਲਿਆ ਜਾਵੇਗਾ।
ਮੇਅਰ ਸਮਾਣਾ ਨੇ ਕਿਹਾ ਕਿ ਮੋਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਲਈ ਵਿਸਥਾਰਪੂਰਵਕ ਰੋਡਮੈਪ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਪੜਾਅਵਾਰ ਢੰਗ ਨਾਲ ਸਾਰੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਨਾਗਰਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਸਿੱਧੇ ਤੌਰ 'ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ।
ਮੇਅਰ ਨੇ ਇਹ ਵੀ ਕਿਹਾ ਕਿ ਮੋਹਾਲੀ ਦੀ ਸੁੰਦਰਤਾ ਅਤੇ ਸਾਫ਼-ਸੁਥਰੇ ਵਾਤਾਵਰਨ ਨੂੰ ਬਰਕਰਾਰ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਉਣ ਲਈ ਕਈ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ।
ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਵਿਕਰਮ ਸਿੰਘ, ਪੰਕਜੀਤ ਸਿੰਘ, ਮੋਹਨ ਸਿੰਘ ਅਤੇ ਨਾਨਕ ਸਿੰਘ ਸਮੇਤ ਹੋਰ ਨਗਰ ਨਿਗਮ ਅਧਿਕਾਰੀ ਅਤੇ ਸਥਾਨਕ ਨੁਮਾਇੰਦੇ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH