ਟੈਕਸ ਚੋਰਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕਰਕੇ ਕਰੋੜਾਂ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 19 ਜੂਨ (ਹਿੰ.ਸ.)| ਪੰਜਾਬ ਸਰਕਾਰ ਨੇ ਵੈਟ ਅਤੇ ਜੀਐਸਟੀ ਦੇ ਲੰਬੇ ਸਮੇਂ ਤੋਂ ਬਕਾਇਆ ਕਰਾਂ ਦੀ ਵਸੂਲੀ ਲਈ ਵੱਡਾ ਕਦਮ ਚੁੱਕਦਿਆਂ ਟੈਕਸ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਜਨਤਕ ਨਿਲਾਮੀ ਦੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨ
ਮੰਤਰੀ ਹਰਪਾਲ ਸਿੰਘ ਚੀਮਾ


ਚੰਡੀਗੜ੍ਹ, 19 ਜੂਨ (ਹਿੰ.ਸ.)| ਪੰਜਾਬ ਸਰਕਾਰ ਨੇ ਵੈਟ ਅਤੇ ਜੀਐਸਟੀ ਦੇ ਲੰਬੇ ਸਮੇਂ ਤੋਂ ਬਕਾਇਆ ਕਰਾਂ ਦੀ ਵਸੂਲੀ ਲਈ ਵੱਡਾ ਕਦਮ ਚੁੱਕਦਿਆਂ ਟੈਕਸ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਜਨਤਕ ਨਿਲਾਮੀ ਦੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਤਿੰਨ ਵੱਡੀਆਂ ਨਿਲਾਮੀਆਂ ਸਫਲਤਾਪੂਰਵਕ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਸੂਬੇ ਦੇ ਖ਼ਜ਼ਾਨੇ ਲਈ ਕਰੋੜਾਂ ਰੁਪਏ ਦੀ ਵਸੂਲੀ ਕੀਤੀ ਗਈ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਮੋਹਾਲੀ ਵਿੱਚ ਡਿਫਾਲਟਰ ਫਰਮ ਮੈਸਰਜ਼ ਸੁਮਿਤ ਇੰਜੀਨੀਅਰਿੰਗ ਦੀ ਜਾਇਦਾਦ 13.22 ਕਰੋੜ ਰੁਪਏ ਵਿੱਚ ਨਿਲਾਮ ਕੀਤੀ ਗਈ। ਇਸੇ ਤਰ੍ਹਾਂ ਜਲੰਧਰ ਦੇ ਸ਼ਾਹਕੋਟ ਵਿੱਚ ਸਥਿਤ ਮੈਸਰਜ਼ ਐਮ.ਆਰ. ਰਾਈਸ ਮਿੱਲਜ਼ ਦੀ ਜਾਇਦਾਦ ਦੀ ਨਿਲਾਮੀ ਤੋਂ 1.11 ਕਰੋੜ ਰੁਪਏ ਦੀ ਰਕਮ ਪ੍ਰਾਪਤ ਹੋਈ। ਉਨ੍ਹਾਂ ਦੱਸਿਆ ਕਿ ਸਫਲ ਬੋਲੀਕਾਰਾਂ ਵੱਲੋਂ 3.58 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ, ਜਦਕਿ ਬਾਕੀ ਰਕਮ ਨਿਯਮਾਂ ਅਨੁਸਾਰ ਜਲਦੀ ਵਸੂਲ ਕੀਤੀ ਜਾਵੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਨਿਲਾਮੀਆਂ ਪੰਜਾਬ ਸਰਕਾਰ ਦੇ ਉਸ ਪੱਕੇ ਇਰਾਦੇ ਨੂੰ ਦਰਸਾਉਂਦੀਆਂ ਹਨ, ਜਿਸ ਤਹਿਤ ਟੈਕਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਖ਼ਾਸ ਤੌਰ ’ਤੇ ਉਨ੍ਹਾਂ ਪੁਰਾਣੇ ਟੈਕਸ ਡਿਫਾਲਟਰਾਂ ਨੂੰ ਨਿਸ਼ਾਨਾ ਬਣਾਉਣ ਲਈ ਚੁੱਕਿਆ ਗਿਆ ਹੈ, ਜਿਨ੍ਹਾਂ ਨੇ ਸਰਕਾਰ ਵੱਲੋਂ ਦਿੱਤੀ ਗਈ ਯਕਮੁਸ਼ਤ ਨਿਪਟਾਰਾ (ਓਟੀਐਸ) ਸਕੀਮ ਦਾ ਲਾਭ ਨਹੀਂ ਲਿਆ।

ਵਿੱਤ ਮੰਤਰੀ ਨੇ ਦੱਸਿਆ ਕਿ ਕਾਰੋਬਾਰੀਆਂ ਅਤੇ ਟੈਕਸਦਾਤਾਵਾਂ ਨੂੰ ਰਾਹਤ ਦੇਣ ਲਈ ਓਟੀਐਸ ਸਕੀਮ ਦੀ ਮਿਆਦ 31 ਜੁਲਾਈ 2026 ਤੱਕ ਵਧਾ ਦਿੱਤੀ ਗਈ ਹੈ। ਇਸ ਸਕੀਮ ਤਹਿਤ ਬਕਾਇਆ ਕਰ ਅਦਾਇਗੀ ਕਰਕੇ ਟੈਕਸਦਾਤਾ ਅਦਾਲਤੀ ਕਾਰਵਾਈ ਅਤੇ ਹੋਰ ਕਾਨੂੰਨੀ ਪੇਚੀਦਗੀਆਂ ਤੋਂ ਬਚ ਸਕਦੇ ਹਨ।

ਉਨ੍ਹਾਂ ਟੈਕਸ ਡਿਫਾਲਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰੀ ਬਕਾਏ ਨਾ ਭਰਨ ਵਾਲਿਆਂ ਲਈ ਹੁਣ ਕੋਈ ਢਿੱਲ ਨਹੀਂ ਹੋਵੇਗੀ। ਆਬਕਾਰੀ ਅਤੇ ਕਰ ਵਿਭਾਗ ਨੇ ਅਜਿਹੇ ਕਈ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਪਛਾਣ ਕਰ ਲਈ ਹੈ ਅਤੇ ਆਉਣ ਵਾਲੇ ਹਫ਼ਤਿਆਂ ਅਤੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 20 ਹੋਰ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਇਮਾਨਦਾਰ ਟੈਕਸਦਾਤਾਵਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਸਰਕਾਰੀ ਮਾਲੀਏ ਦੀ ਵਸੂਲੀ ਲਈ ਬੈਂਕ ਖਾਤੇ ਅਟੈਚ ਕਰਨ, ਜਾਇਦਾਦਾਂ ਜ਼ਬਤ ਕਰਨ ਅਤੇ ਜਨਤਕ ਨਿਲਾਮੀ ਵਰਗੇ ਸਾਰੇ ਕਾਨੂੰਨੀ ਵਿਕਲਪ ਵਰਤੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande