
ਚੰਡੀਗੜ੍ਹ, 19 ਜੂਨ (ਹਿੰ.ਸ.)| ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਲਈ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਗਰਜ-ਚਮਕ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਥਾਵਾਂ 'ਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਬੁੱਧਵਾਰ ਦੇ ਮੁਕਾਬਲੇ ਵੀਰਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 42.2 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਦਾ ਤਾਪਮਾਨ 39.2 ਡਿਗਰੀ ਸੈਲਸੀਅਸ ਰਿਹਾ।ਗਰਮੀ ਵਧਣ ਦੇ ਨਾਲ ਹੀ ਪੰਜਾਬ ਵਿੱਚ ਬਿਜਲੀ ਦੀ ਮੰਗ ਵਿੱਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਬੁੱਧਵਾਰ ਸ਼ਾਮ ਕਰੀਬ ਪੌਣੇ ਅੱਠ ਵਜੇ ਬਿਜਲੀ ਦੀ ਮੰਗ 13,290 ਮੈਗਾਵਾਟ ਤੱਕ ਪਹੁੰਚ ਗਈ। ਸੂਬਾ ਆਪਣੇ ਬਿਜਲੀ ਘਰਾਂ ਤੋਂ 4,358 ਮੈਗਾਵਾਟ ਬਿਜਲੀ ਉਤਪਾਦਨ ਕਰ ਰਿਹਾ ਹੈ, ਜਦਕਿ ਕੇਂਦਰ ਤੋਂ ਲਗਭਗ 8,800 ਮੈਗਾਵਾਟ ਬਿਜਲੀ ਖਰੀਦੀ ਜਾ ਰਹੀ ਹੈ।ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਪੱਛਮੀ ਵਿਕਸ਼ੋਭ ਅਤੇ ਦੱਖਣੀ ਪੰਜਾਬ ਉੱਪਰ ਬਣੇ ਚੱਕਰਵਾਤੀ ਸਿਸਟਮ ਕਾਰਨ ਸੂਬੇ ਵਿੱਚ ਮੌਸਮ ਸਰਗਰਮ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ 22 ਜੂਨ ਤੱਕ ਵੱਖ-ਵੱਖ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਬਣੀ ਰਹੇਗੀ।
ਅਗਲੇ ਤਿੰਨ ਦਿਨਾਂ ਦਾ ਮੌਸਮ
20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਸੰਭਾਵਨਾ।21 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ।22 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਅਤੇ ਆੰਧੀ ਦੀ ਸੰਭਾਵਨਾ ਜਾਰੀ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH