ਪੀਐਸਪੀਸੀਐਲ ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਮਿਲੇਗੀ ਸਹਾਇਕ ਲਾਈਨਮੈਨ ਵਜੋਂ ਨਿਯੁਕਤੀ: ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਜੂਨ (ਹਿੰ.ਸ.)| ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ
ਮੰਤਰੀ ਹਰਪਾਲ ਸਿੰਘ ਚੀਮਾ


ਚੰਡੀਗੜ੍ਹ, 20 ਜੂਨ (ਹਿੰ.ਸ.)| ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਵਿੱਤ ਮੰਤਰੀ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ ਡਾਇਰੈਕਟਰਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਕਾਨੂੰਨੀ ਸਲਾਹ ਨੂੰ ਧਿਆਨ ਵਿੱਚ ਰੱਖਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸਾਰੇ ਟ੍ਰੇਨੀਜ਼ ਇਸ ਸਮੇਂ ਪੀਐਸਪੀਸੀਐਲ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਵਿੱਚ ਲਾਈਨਮੈਨ ਟਰੇਡ ਤਹਿਤ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਪ੍ਰਾਪਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰੇਗਾ ਅਤੇ ਨਾਲ ਹੀ ਰਾਜ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਅਤੇ ਰੋਜ਼ਗਾਰ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਸਰਕਾਰੀ ਵਿਭਾਗਾਂ ਵਿੱਚ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਮਿਸ਼ਨ ਮੋਡ ਵਿੱਚ ਕੰਮ ਕੀਤਾ ਹੈ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਕਤ ਟ੍ਰੇਨੀਜ਼ ਲਈ ਇੱਕ ਵਾਰ ਦੀ ਵਿਸ਼ੇਸ਼ ਛੋਟ ਦੇ ਤੌਰ ’ਤੇ ਪੰਜਾਬੀ ਭਾਸ਼ਾ ਦੀ ਲਾਜ਼ਮੀ ਪ੍ਰੀਖਿਆ ਕਰਵਾਈ ਜਾਵੇਗੀ। ਇਸ ਪ੍ਰੀਖਿਆ ਦਾ ਸ਼ਡਿਊਲ ਅਤੇ ਹੋਰ ਜਾਣਕਾਰੀ ਪੀਐਸਪੀਸੀਐਲ ਦੀ ਅਧਿਕਾਰਤ ਵੈੱਬਸਾਈਟ ’ਤੇ ਜਲਦ ਜਾਰੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਨਿਯੁਕਤੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲੈ ਕੇ ਜਾਣ ਅਤੇ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਇਸੇ ਸੋਚ ਤਹਿਤ ਮੌਜੂਦਾ ਸਰਕਾਰ ਨੇ ਬਿਜਲੀ ਖੇਤਰ ਵਿੱਚ ਵੱਡੇ ਪੱਧਰ ’ਤੇ ਭਰਤੀਆਂ ਕੀਤੀਆਂ ਹਨ।

ਵਿੱਤ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਅਪ੍ਰੈਲ 2022 ਤੋਂ ਹੁਣ ਤੱਕ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਕੁੱਲ 9,627 ਭਰਤੀਆਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 8,048 ਭਰਤੀਆਂ ਸਿੱਧੀ ਭਰਤੀ ਰਾਹੀਂ ਅਤੇ 1,579 ਤਰਸ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਸ ਸਾਲ ਦੇ ਸ਼ੁਰੂ ਵਿੱਚ ਮੁੱਖ ਮੰਤਰੀ ਵੱਲੋਂ 570 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਸਨ।

ਉਨ੍ਹਾਂ ਦੱਸਿਆ ਕਿ ਲਗਭਗ 3,000 ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਵੀ ਜਾਰੀ ਹੈ, ਜਿਸ ਦੇ ਨਵੰਬਰ 2026 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਪ੍ਰਸ਼ਾਸਕੀ ਸਕੱਤਰ, ਬਿਜਲੀ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪੀਐਸਪੀਸੀਐਲ ਡਾ. ਬਸੰਤ ਗਰਗ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande