
ਅੰਮ੍ਰਿਤਸਰ, 20 ਜੂਨ (ਹਿੰ.ਸ.)| ਪੰਜਾਬ ਦੀ ਸਿਆਸੀ ਅਤੇ ਪੰਥਕ ਸਿਆਸਤ ਵਿੱਚ ਇੱਕ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਈ ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਗਏ ਸੰਮਨਾਂ ਤੋਂ ਬਾਅਦ ਰਾਣਾ ਗੁਰਜੀਤ ਸਿੰਘ ਨੇ ਆਪਣੀ ਹਾਜ਼ਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖ ਕੌਮ ਦੀ ਸਰਵਉੱਚ ਸੰਸਥਾ ਮੰਨਦੇ ਹਨ ਅਤੇ ਇੱਕ ਨਿਮਰ ਸਿੱਖ ਵਜੋਂ ਉੱਥੇ ਪੇਸ਼ ਹੋਣਗੇ।ਰਾਣਾ ਗੁਰਜੀਤ ਸਿੰਘ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਮੈਂ ਇਸ ਦੇ ਹੁਕਮਾਂ ਦਾ ਪੂਰਾ ਸਤਿਕਾਰ ਕਰਦਾ ਹਾਂ ਅਤੇ ਇੱਕ ਨਿਮਰ ਸਿੱਖ ਵਜੋਂ 29 ਜੂਨ ਨੂੰ ਹਾਜ਼ਰੀ ਭਰਾਂਗਾ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਜਾਣ ਵਾਲੇ ਹਰ ਹੁਕਮ ਨੂੰ ਮੈਂ ਸਤਿਕਾਰ ਅਤੇ ਖੁੱਲ੍ਹੇ ਦਿਲ ਨਾਲ ਸਵੀਕਾਰ ਕਰਾਂਗਾ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦੀ ਪੁਸ਼ਟੀ ਕਰ ਚੁੱਕੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਸੰਮਨਾਂ ਤੋਂ ਬਾਅਦ ਪੰਜਾਬ ਦੇ ਸਿੱਖ ਸਿਆਸੀ ਨੁਮਾਇੰਦਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਕਈ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰਦਿਆਂ ਹਾਜ਼ਰੀ ਭਰਨ ਦੀ ਗੱਲ ਆਖੀ ਜਾ ਰਹੀ ਹੈ। ਹੁਣ ਸਿਆਸੀ ਅਤੇ ਪੰਥਕ ਹਲਕਿਆਂ ਦੀਆਂ ਨਜ਼ਰਾਂ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਕਾਰਵਾਈ ਉੱਤੇ ਟਿਕੀਆਂ ਹੋਈਆਂ ਹਨ, ਜਿੱਥੇ ਇਸ ਮਾਮਲੇ ਸਬੰਧੀ ਅਗਲੇ ਫ਼ੈਸਲਿਆਂ ਅਤੇ ਨਿਰਦੇਸ਼ਾਂ ਦੀ ਉਡੀਕ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH