
ਅੰਮ੍ਰਿਤਸਰ, 20 ਜੂਨ (ਹਿੰ.ਸ.)। ਪੰਜਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗੁਰੂ ਸਾਹਿਬ ਦੇ ਨਾਮ 'ਤੇ ਬਣਾਏ ਗਏ ਵਿਰਾਸਤੀ ਗੇਟ ਅਤੇ ਗੁਰੂ ਅਰਜਨ ਦੇਵ ਜੀ ਮਾਰਗ ਉੱਪਰ ਠੰਢੇ ਮਿੱਠੇ ਜਲ ਦੀ ਛਬੀਲ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਸਮਾਜ ਸੇਵੀਆਂ ਅਤੇ ਪਾਰਟੀ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਈ.ਟੀ.ਓ. ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸਾਨੂੰ ਮਨੁੱਖਤਾ ਦੀ ਭਲਾਈ, ਸੇਵਾ, ਸਹਿਣਸ਼ੀਲਤਾ ਅਤੇ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਲਈ ਜੋ ਮਹਾਨ ਕੁਰਬਾਨੀ ਦਿੱਤੀ, ਉਹ ਸਦਾ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਕ ਬਣੀ ਰਹੇਗੀ।
ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਛਬੀਲਾਂ ਲਗਾ ਕੇ ਲੋਕਾਂ ਨੂੰ ਠੰਢਾ ਮਿੱਠਾ ਜਲ ਪਿਲਾਉਣਾ ਸਿੱਖ ਧਰਮ ਦੀ ਮਹਾਨ ਸੇਵਾ ਪਰੰਪਰਾ ਦਾ ਹਿੱਸਾ ਹੈ ਅਤੇ ਇਹ ਸਾਨੂੰ ਨਿਰਸਵਾਰਥ ਸੇਵਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸੁਹਿੰਦਰ ਕੌਰ, ਸਥਾਨਕ ਕੌਂਸਲਰ ਸਾਹਿਬ, ਪਾਰਟੀ ਦੇ ਆਗੂ, ਧਾਰਮਿਕ ਸ਼ਖਸੀਅਤਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਵੀ ਹਾਜ਼ਰ ਸਨ। ਸਮਾਗਮ ਦੌਰਾਨ ਸੰਗਤਾਂ ਨੂੰ ਠੰਢਾ ਮਿੱਠਾ ਜਲ ਵੰਡਿਆ ਗਿਆ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਕਲਪ ਲਿਆ ਗਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ