
ਅੰਮ੍ਰਿਤਸਰ, 20 ਜੂਨ (ਹਿੰ.ਸ.)। ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਨਵਾਂਕੋਟ ਅਤੇ ਜੰਡਿਆਲਾ ਗੁਰੂ ਦੇ ਵਾਰਡ ਨੰਬਰ 7, 14 ਅਤੇ 15 ਵਿੱਚ ਵਿਸ਼ੇਸ਼ ਇਕੱਤਰਤਾਵਾਂ ਕਰਕੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ।
ਇਸ ਮੌਕੇ ਈ.ਟੀ.ਓ. ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਤੱਕ ਵਿਕਾਸ ਅਤੇ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਜੰਡਿਆਲਾ ਗੁਰੂ ਨੂੰ ਵਿਕਾਸ ਪੱਖੋਂ ਸੂਬੇ ਦੇ ਮੋਹਰੀ ਵਿਧਾਨ ਸਭਾ ਹਲਕਿਆਂ ਵਿੱਚ ਸ਼ਾਮਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਨ ਲਈ ਉਹ ਹਮੇਸ਼ਾ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰਦੇ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਾਰਟੀ ਵਰਕਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ