
ਲੁਧਿਆਣਾ, 20 ਜੂਨ (ਹਿੰ.ਸ.)| ਲੁਧਿਆਣਾ ਪੁਲਿਸ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੋਨੀ ਬੱਲ ਅਤੇ ਅਰਸ਼ ਬੱਗਾ ਦੇ ਦੋ ਕਥਿਤ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਸੰਭਾਵਿਤ ਅਪਰਾਧਿਕ ਵਾਰਦਾਤ ਨੂੰ ਟਾਲਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਨੁਸਾਰ ਮੁਲਜ਼ਮ ਸ਼ਹਿਰ ਦੇ ਕੁਝ ਵਿਅਕਤੀਆਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਵਿੱਚ ਸਨ।ਪੁਲਿਸ ਨੇ ਦੋਵੇਂ ਮੁਲਜ਼ਮਾਂ ਕੋਲੋਂ ਦੋ .30 ਬੋਰ ਪਿਸਤੌਲ, 9 ਜਿੰਦਾ ਕਾਰਤੂਸ ਅਤੇ ਇੱਕ ਪਲੇਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਡੋਨੀ ਬੱਲ ਅਤੇ ਅਰਸ਼ ਬੱਗਾ ਨਾਲ ਜੁੜੇ ਦੋ ਨੌਜਵਾਨ ਸ਼ਹਿਰ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ।ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਮਨੁੱਖੀ ਖੁਫੀਆ ਜਾਣਕਾਰੀ (ਹਿਊਮਨ ਇੰਟੈਲੀਜੈਂਸ) ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਬੱਦੋਵਾਲ ਨੇੜੇ ਅਯਾਲੀ ਚੌਕ ਅਤੇ ਬੱਸ ਸਟੈਂਡ ਦੇ ਪਿਛਲੇ ਇਲਾਕੇ ਤੋਂ ਦੋਵੇਂ ਮੁਲਜ਼ਮਾਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਰਾਜੀ ਨੀਲਾ ਅਤੇ ਰਾਜਵੀਰ ਸਿੰਘ ਉਰਫ਼ ਰਾਜੀ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਮੁੱਲਾਂਪੁਰ ਦਾਖਾ ਨੇੜਲੇ ਪਿੰਡ ਬੱਦੋਵਾਲ ਦੇ ਵਸਨੀਕ ਹਨ।ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਗੈਂਗਸਟਰ ਡੋਨੀ ਬੱਲ ਅਤੇ ਅਰਸ਼ ਬੱਗਾ ਨਾਲ ਟੈਲੀਗ੍ਰਾਮ ਐਪ ਰਾਹੀਂ ਸੰਪਰਕ ਵਿੱਚ ਸਨ। ਮੁੱਢਲੀ ਜਾਂਚ ਮੁਤਾਬਕ ਉਹ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਸਨ ਅਤੇ 17 ਜੂਨ ਦੀ ਰਾਤ ਨੂੰ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਹਾਲਾਂਕਿ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਦਾ ਨਿਸ਼ਾਨਾ ਕੌਣ ਸੀ ਅਤੇ ਇਸ ਸਾਜ਼ਿਸ਼ ਵਿੱਚ ਹੋਰ ਕਿਹੜੇ ਲੋਕ ਸ਼ਾਮਲ ਸਨ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH