
ਅੰਮ੍ਰਿਤਸਰ, 20 ਜੂਨ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ਦੇ ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਆਧੁਨਿਕ ਪ੍ਰੈੱਸ ਅਤੇ ਗੁਰਮਤਿ ਪ੍ਰਚਾਰ ਕੇਂਦਰ ਜਲਦ ਸਥਾਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਮਰੀਕਾ ਦੌਰੇ ਸਬੰਧੀ ਗੱਲਬਾਤ ਕਰਦਿਆਂ ਦਿੱਤੀ।ਐਡਵੋਕੇਟ ਧਾਮੀ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਗਏ ਵਫ਼ਦ ਦਾ ਮੁੱਖ ਮਕਸਦ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪ੍ਰੈੱਸ ਅਤੇ ਗੁਰਮਤਿ ਪ੍ਰਚਾਰ ਕੇਂਦਰ ਸਬੰਧੀ ਕਾਰਵਾਈ ਨੂੰ ਅੱਗੇ ਵਧਾਉਣਾ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸਿੱਖ ਆਗੂ ਦੀਦਾਰ ਸਿੰਘ ਬੈਂਸ ਵੱਲੋਂ ਸਾਲ 2013 ਵਿੱਚ ਸ਼੍ਰੋਮਣੀ ਕਮੇਟੀ ਨੂੰ ਕਰੀਬ 14 ਏਕੜ ਜ਼ਮੀਨ ਦਾਨ ਵਜੋਂ ਦਿੱਤੀ ਗਈ ਸੀ, ਜਿਸ ’ਤੇ ਇਹ ਮਹੱਤਵਪੂਰਨ ਪ੍ਰੋਜੈਕਟ ਸਥਾਪਿਤ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਲਈ ਲੋੜੀਂਦੀਆਂ ਸਰਕਾਰੀ ਅਤੇ ਪ੍ਰਸ਼ਾਸਕੀ ਪ੍ਰਵਾਨਗੀਆਂ ਹਾਸਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਅਮਰੀਕੀ ਕਾਨੂੰਨਾਂ ਅਤੇ ਨਿਯਮਾਂ ਅਨੁਸਾਰ ਸੱਤ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਮੈਂਬਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਅਮਰੀਕਾ ਵਿੱਚ ਸ਼੍ਰੋਮਣੀ ਕਮੇਟੀ ਦਾ ਬੈਂਕ ਖਾਤਾ ਵੀ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਕਸ਼ਿਆਂ ਦੀ ਤਿਆਰੀ ਅਤੇ ਹੋਰ ਤਕਨੀਕੀ ਤੇ ਕਾਨੂੰਨੀ ਪ੍ਰਵਾਨਗੀਆਂ ਸਬੰਧੀ ਕਾਰਵਾਈ ਕਰਮਜੀਤ ਸਿੰਘ ਬੈਂਸ ਦੀ ਦੇਖ-ਰੇਖ ਹੇਠ ਚੱਲ ਰਹੀ ਹੈ। ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਮਿਲਣ ਤੋਂ ਬਾਅਦ ਇਸ ਪ੍ਰੋਜੈਕਟ ਦਾ ਨਿਰਮਾਣ ਕਾਰਜ ਤੁਰੰਤ ਸ਼ੁਰੂ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਪ੍ਰੈੱਸ ਦੇ ਸਥਾਪਿਤ ਹੋਣ ਨਾਲ ਅਮਰੀਕਾ ਅਤੇ ਹੋਰ ਪੱਛਮੀ ਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਿੱਧੇ ਤੌਰ ’ਤੇ ਉਥੇ ਹੀ ਉਪਲਬਧ ਹੋ ਸਕਣਗੇ। ਇਸ ਦੇ ਨਾਲ-ਨਾਲ ਗੁਰਮਤਿ ਦੇ ਪ੍ਰਚਾਰ ਅਤੇ ਸਿੱਖ ਧਰਮ ਦੇ ਪ੍ਰਸਾਰ ਲਈ ਵੀ ਇਹ ਕੇਂਦਰ ਅਹਿਮ ਭੂਮਿਕਾ ਨਿਭਾਏਗਾ।ਐਡਵੋਕੇਟ ਧਾਮੀ ਨੇ ਕਿਹਾ ਕਿ ਵਿਦੇਸ਼ ਦੀ ਧਰਤੀ ’ਤੇ ਇਹ ਸ਼੍ਰੋਮਣੀ ਕਮੇਟੀ ਦਾ ਪਹਿਲਾ ਅਧਿਕਾਰਤ ਕੇਂਦਰ ਹੋਵੇਗਾ। ਉਨ੍ਹਾਂ ਦੱਸਿਆ ਕਿ ਸਥਾਨਕ ਸਿੱਖ ਆਗੂਆਂ ਅਤੇ ਸੰਗਤਾਂ ਨੇ ਇਸ ਪ੍ਰੋਜੈਕਟ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ, ਜਿਸ ਨਾਲ ਇਸ ਮਹੱਤਵਾਕਾਂਖੀ ਯੋਜਨਾ ਨੂੰ ਜਲਦ ਅਮਲੀ ਰੂਪ ਦਿੱਤਾ ਜਾ ਸਕੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH