
ਚੰਡੀਗੜ੍ਹ, 21 ਜੂਨ (ਹਿੰ.ਸ.)| ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਅਤੇ ਰਿਹੈਬਿਲਿਟੇਸ਼ਨ ਕੇਂਦਰਾਂ ਵਿੱਚ ਫੈਮਿਲੀ ਕਾਉਂਸਲਿੰਗ ਨੂੰ ਰਿਕਵਰੀ ਪ੍ਰਕਿਰਿਆ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ। ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਸਥਿਤ ਨਸ਼ਾ ਮੁਕਤੀ ਕੇਂਦਰਾਂ ਵਿੱਚ ਮਰੀਜ਼ਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਕਾਉਂਸਲਿੰਗ ਸੈਸ਼ਨਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ।
ਮਾਰਚ 2025 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੁਹਿੰਮ ਤੋਂ ਬਾਅਦ ਹਜ਼ਾਰਾਂ ਪਰਿਵਾਰ ਆਪਣੇ ਪਿਆਰਿਆਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਕੱਢਣ ਲਈ ਅੱਗੇ ਆਏ ਹਨ। ਕਾਉਂਸਲਰਾਂ ਦਾ ਕਹਿਣਾ ਹੈ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਪਰਿਵਾਰ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਪਰਿਵਾਰ ਦੀ ਭਾਗੀਦਾਰੀ ਇਲਾਜ ਅਤੇ ਰਿਕਵਰੀ ਲਈ ਬਹੁਤ ਜ਼ਰੂਰੀ ਹੈ।
ਰੂਪਨਗਰ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ ਕਰਵਾ ਰਹੇ ਇੱਕ ਮਰੀਜ਼ ਨੇ ਦੱਸਿਆ ਕਿ ਇਲਾਜ ਅਤੇ ਪਰਿਵਾਰ ਦੇ ਸਹਿਯੋਗ ਨੇ ਉਸ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲਿਆ ਹੈ। ਉਸ ਨੇ ਕਿਹਾ ਕਿ ਕਈ ਸਾਲਾਂ ਤੋਂ ਸ਼ਰਾਬ ਦੀ ਲਤ ਕਾਰਨ ਉਸ ਦੀ ਸਿਹਤ ਖਰਾਬ ਹੋ ਚੁੱਕੀ ਸੀ, ਪਰ ਹੁਣ ਉਹ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਮਹਿਸੂਸ ਕਰ ਰਿਹਾ ਹੈ। ਉਸ ਨੇ ਲੋਕਾਂ ਨੂੰ ਅਜਿਹੇ ਮਰੀਜ਼ਾਂ ਨਾਲ ਪਿਆਰ ਅਤੇ ਸਮਝਦਾਰੀ ਨਾਲ ਪੇਸ਼ ਆਉਣ ਦੀ ਅਪੀਲ ਵੀ ਕੀਤੀ।
ਮਰੀਜ਼ ਦੇ ਇੱਕ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਕਾਉਂਸਲਿੰਗ ਸੈਸ਼ਨਾਂ ਨੇ ਉਨ੍ਹਾਂ ਨੂੰ ਨਸ਼ੇ ਦੀ ਸਮੱਸਿਆ ਨੂੰ ਸਮਝਣ ਅਤੇ ਉਸ ਨਾਲ ਨਜਿੱਠਣ ਦਾ ਸਹੀ ਤਰੀਕਾ ਸਿਖਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਮਰੀਜ਼ ਦਾ ਵਿਵਹਾਰ ਬਹੁਤ ਉਤੇਜਿਤ ਸੀ, ਪਰ ਇਲਾਜ ਤੋਂ ਬਾਅਦ ਉਸ ਵਿੱਚ ਕਾਫ਼ੀ ਸੁਧਾਰ ਆਇਆ ਹੈ ਅਤੇ ਹੁਣ ਉਹ ਇੱਕ ਨਿਯਮਤ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਵੱਧ ਰਿਹਾ ਹੈ।
ਰੂਪਨਗਰ ਦੀ ਫੈਮਿਲੀ ਕਾਉਂਸਲਰ ਸੁਮੇਧਾ ਨੇ ਦੱਸਿਆ ਕਿ ਮਰੀਜ਼ ਦੇ ਘਰ ਵਾਪਸ ਜਾਣ ਤੋਂ ਬਾਅਦ ਪਰਿਵਾਰ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਹੀ ਮਰੀਜ਼ ਦੇ ਸਭ ਤੋਂ ਵੱਡੇ ਸਹਿਯੋਗੀ ਅਤੇ ਮਾਰਗਦਰਸ਼ਕ ਬਣਦੇ ਹਨ ਅਤੇ ਉਹਨਾਂ ਨੂੰ ਮਰੀਜ਼ ਦੇ ਵਿਵਹਾਰ ਵਿੱਚ ਆਉਣ ਵਾਲੇ ਬਦਲਾਵਾਂ ਪ੍ਰਤੀ ਸਚੇਤ ਰਹਿਣਾ ਚਾਹੀਦਾ ਹੈ।
ਕਾਉਂਸਲਰਾਂ ਦਾ ਮੰਨਣਾ ਹੈ ਕਿ ਫੈਮਿਲੀ ਕਾਉਂਸਲਿੰਗ ਨਾ ਸਿਰਫ਼ ਰਿਕਵਰੀ ਨੂੰ ਮਜ਼ਬੂਤ ਬਣਾਉਂਦੀ ਹੈ, ਸਗੋਂ ਨਸ਼ੇ ਨਾਲ ਜੁੜੀ ਸਮਾਜਿਕ ਬਦਨਾਮੀ ਨੂੰ ਵੀ ਘਟਾਉਣ ਵਿੱਚ ਮਦਦ ਕਰਦੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਰਿਵਾਰਾਂ ਦੀ ਵਧ ਰਹੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਹੁਣ ਲੋਕ ਨਸ਼ੇ ਦੀ ਸਮੱਸਿਆ ਨੂੰ ਲੁਕਾਉਣ ਦੀ ਬਜਾਏ ਇਲਾਜ ਅਤੇ ਸਹਿਯੋਗ ਦਾ ਰਾਹ ਅਪਣਾ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH