ਇੱਕ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ 'ਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਭਗਵੰਤ ਮਾਨ
ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ਮਿਲਣਗੇ ₹4,500, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਮਿਲਣਗੇ ₹3,000 ਫ਼ਤਹਿਗੜ੍ਹ ਸਾਹਿਬ, 21 ਜੂਨ (ਹਿੰ.ਸ.)| ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ''ਮਾਵਾਂ ਧੀਆਂ ਸਤਿ
ਮੁੱਖ ਮੰਤਰੀ ਭਗਵੰਤ ਮਾਨ।


ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ਮਿਲਣਗੇ ₹4,500, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਮਿਲਣਗੇ ₹3,000

ਫ਼ਤਹਿਗੜ੍ਹ ਸਾਹਿਬ, 21 ਜੂਨ (ਹਿੰ.ਸ.)| ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਨੂੰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ₹4,500 ਮਿਲਣਗੇ, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ₹3,000 ਦਿੱਤੇ ਜਾਣਗੇ।

ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨ, ਵਿੱਤੀ ਸੁਰੱਖਿਆ ਅਤੇ ਸਮਾਜਿਕ ਸ਼ਕਤੀਕਰਨ ਯਕੀਨੀ ਬਣਾਉਣ ਲਈ 'ਆਪ' ਸਰਕਾਰ ਦੀ ਵਚਨਬੱਧਤਾ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਚਿਰ ਪੰਜਾਬ ਵਿੱਚ 'ਆਪ' ਸਰਕਾਰ ਰਹੇਗੀ, ਇਹ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ।

ਫ਼ਤਹਿਗੜ੍ਹ ਸਾਹਿਬ ਵਿਖੇ 'ਲੋਕ ਮਿਲਣੀ' ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਂ ਦਿਨਾਂ ਬਾਅਦ ਪਹਿਲੀ ਜੁਲਾਈ ਨੂੰ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਦੇ ਮੋਬਾਈਲ ਫ਼ੋਨਾਂ 'ਤੇ ਉਨ੍ਹਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਜਮ੍ਹਾਂ ਹੋਣ ਦੇ ਨੋਟੀਫਿਕੇਸ਼ਨ ਪ੍ਰਾਪਤ ਹੋਣਗੇ। ਜਨਰਲ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ₹1,000 ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਮਿਲਣਗੇ। ਇਹ ਪੈਸਾ ਬਿਨਾਂ ਕਿਸੇ ਵਿਚੋਲੇ ਦੇ ਸਿੱਧਾ

ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਲਈ ₹9,300 ਕਰੋੜ ਦਾ ਬਜਟ ਉਪਬੰਧ ਕੀਤਾ ਹੈ।”

ਮੁੱਖ ਮੰਤਰੀ ਨੇ ਕਿਹਾ, “ਇਹ ਵਿੱਤੀ ਸਹਾਇਤਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਯਕੀਨੀ ਤੌਰ 'ਤੇ ਉਨ੍ਹਾਂ ਨੂੰ ਸਨਮਾਨ, ਸਵੈ-ਮਾਣ ਅਤੇ ਆਤਮ-ਵਿਸ਼ਵਾਸ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ-ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰਦੀਆਂ ਹਨ। ਘਰੇਲੂ ਦਰਜੇ ਨੂੰ ਸੁਧਾਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਜਦੋਂ ਔਰਤਾਂ ਆਰਥਿਕ ਤੌਰ 'ਤੇ ਸਸ਼ਕਤ ਹੁੰਦੀਆਂ ਹਨ ਤਾਂ ਪਰਿਵਾਰ ਖੁਸ਼ਹਾਲ ਹੁੰਦੇ ਹਨ ਅਤੇ ਸਮਾਜ ਅੱਗੇ ਵਧਦਾ ਹੈ।”

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande