ਨਸ਼ਿਆਂ ਕਾਰਨ ਮੌਤਾਂ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਨੰਬਰ 'ਤੇ, ਸਰਕਾਰ ਜਵਾਬ ਦੇਵੇ: ਬਲਜੀਤ ਕੌਰ
ਮੋਹਾਲੀ, 21 ਜੂਨ (ਹਿੰ.ਸ.)| ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ ਬਲਜੀਤ ਕੌਰ ਨੇ ਨੈਸ਼ਨਲ ਕਰਾਈਮ ਰਿਕਾਰਡਜ਼ ਬਿਊਰੋ (ਐਨਸੀਆਰਬੀ) ਦੀ ਤਾਜ਼ਾ ਰਿਪੋਰਟ ''ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਿਨੋਂ-ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ ਅਤੇ ਸੂਬਾ ਸ
ਨਸ਼ਿਆਂ ਕਾਰਨ ਮੌਤਾਂ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਨੰਬਰ 'ਤੇ, ਸਰਕਾਰ ਜਵਾਬ ਦੇਵੇ: ਬਲਜੀਤ ਕੌਰ


ਮੋਹਾਲੀ, 21 ਜੂਨ (ਹਿੰ.ਸ.)| ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ ਬਲਜੀਤ ਕੌਰ ਨੇ ਨੈਸ਼ਨਲ ਕਰਾਈਮ ਰਿਕਾਰਡਜ਼ ਬਿਊਰੋ (ਐਨਸੀਆਰਬੀ) ਦੀ ਤਾਜ਼ਾ ਰਿਪੋਰਟ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਿਨੋਂ-ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਇਸ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ।

ਬਲਜੀਤ ਕੌਰ ਨੇ ਕਿਹਾ ਕਿ ਐਨਸੀਆਰਬੀ ਦੀ ਰਿਪੋਰਟ ਅਨੁਸਾਰ ਨਸ਼ਿਆਂ ਦੇ ਓਵਰਡੋਜ਼ ਕਾਰਨ ਮੌਤਾਂ ਦੇ ਮਾਮਲਿਆਂ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਸਥਾਨ 'ਤੇ ਪਹੁੰਚ ਗਿਆ ਹੈ। ਇਹ ਅੰਕੜੇ ਨਾ ਸਿਰਫ਼ ਚਿੰਤਾਜਨਕ ਹਨ, ਸਗੋਂ ਪੰਜਾਬ ਦੇ ਭਵਿੱਖ ਲਈ ਇੱਕ ਵੱਡੀ ਚੇਤਾਵਨੀ ਵੀ ਹਨ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦਾ ਅੰਨਦਾਤਾ ਸੂਬਾ ਅਤੇ ਨੌਜਵਾਨਾਂ ਦੀ ਧਰਤੀ ਨਸ਼ਿਆਂ ਕਾਰਨ ਇਸ ਤਰ੍ਹਾਂ ਦੀ ਬਦਨਾਮੀ ਦਾ ਸ਼ਿਕਾਰ ਹੋ ਰਹੀ ਹੋਵੇ ਤਾਂ ਇਹ ਹਰ ਪੰਜਾਬੀ ਲਈ ਦੁੱਖ ਦੀ ਗੱਲ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਮੁੱਖ ਮੰਤਰੀ ਅਤੇ ਪਾਰਟੀ ਦੇ ਆਗੂਆਂ ਨੇ ਲੋਕਾਂ ਨਾਲ ਭਰੋਸਾ ਦਿੱਤਾ ਸੀ ਕਿ ਨਸ਼ਿਆਂ ਦੀ ਜੜ੍ਹ ਖਤਮ ਕਰ ਦਿੱਤੀ ਜਾਵੇਗੀ, ਪਰ ਅੱਜ ਹਾਲਾਤ ਪਹਿਲਾਂ ਨਾਲੋਂ ਵੀ ਜ਼ਿਆਦਾ ਗੰਭੀਰ ਨਜ਼ਰ ਆ ਰਹੇ ਹਨ।

ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ੇ ਦਾ ਕਾਰੋਬਾਰ ਅਜੇ ਵੀ ਜਾਰੀ ਹੈ ਅਤੇ ਹਰ ਰੋਜ਼ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮਾਵਾਂ ਆਪਣੇ ਪੁੱਤਰਾਂ ਦੇ ਭਵਿੱਖ ਲਈ ਚਿੰਤਤ ਹਨ, ਭੈਣਾਂ ਆਪਣੇ ਭਰਾਵਾਂ ਨੂੰ ਬਚਾਉਣ ਲਈ ਦੁਆਵਾਂ ਕਰ ਰਹੀਆਂ ਹਨ ਅਤੇ ਪਰਿਵਾਰ ਬਰਬਾਦ ਹੋ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਇਸ਼ਤਿਹਾਰਬਾਜ਼ੀ ਅਤੇ ਦਾਅਵਿਆਂ ਤੱਕ ਹੀ ਸੀਮਿਤ ਨਜ਼ਰ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਮਾਰ ਦਾ ਸਭ ਤੋਂ ਵੱਧ ਅਸਰ ਮਹਿਲਾਵਾਂ ਅਤੇ ਪਰਿਵਾਰਾਂ 'ਤੇ ਪੈਂਦਾ ਹੈ। ਜਦੋਂ ਘਰ ਦਾ ਕੋਈ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਪੂਰਾ ਪਰਿਵਾਰ ਆਰਥਿਕ, ਮਾਨਸਿਕ ਅਤੇ ਸਮਾਜਿਕ ਤੌਰ 'ਤੇ ਪ੍ਰਭਾਵਿਤ ਹੁੰਦਾ ਹੈ। ਪੰਜਾਬ ਦੀਆਂ ਮਾਵਾਂ ਦੇ ਹੰਝੂ ਅਤੇ ਪਰਿਵਾਰਾਂ ਦੀ ਤਬਾਹੀ ਸਰਕਾਰ ਦੀਆਂ ਨਾਕਾਮ ਨੀਤੀਆਂ ਦੀ ਗਵਾਹੀ ਦੇ ਰਹੇ ਹਨ।

ਬਲਜੀਤ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਿਆ ਜਾਵੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਪੁਨਰਵਾਸ ਅਤੇ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਪੰਜਾਬ ਮਹਿਲਾ ਕਾਂਗਰਸ ਨਸ਼ਿਆਂ ਦੇ ਮੁੱਦੇ 'ਤੇ ਚੁੱਪ ਨਹੀਂ ਬੈਠੇਗੀ ਅਤੇ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਹਰ ਪੱਧਰ 'ਤੇ ਸੰਘਰਸ਼ ਜਾਰੀ ਰੱਖੇਗੀ। ਪੰਜਾਬ ਦੇ ਲੋਕ ਹੁਣ ਨਤੀਜੇ ਚਾਹੁੰਦੇ ਹਨ, ਸਿਰਫ਼ ਵਾਅਦੇ ਨਹੀਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande