ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਇੱਕ ਵੀ ਅਸਲੀ ਵੋਟ ਨਹੀਂ ਕੱਟਣ ਦੇਵਾਂਗੇ: ਮੁੱਖ ਮੰਤਰੀ ਮਾਨ
ਫ਼ਤਹਿਗੜ੍ਹ ਸਾਹਿਬ, 21 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕੀਤੇ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ।
ਮੁੱਖ ਮੰਤਰੀ ਭਗਵੰਤ ਮਾਨ ਉਦਘਾਟਨ ਕਰਦੇ ਹੋਏ।


ਫ਼ਤਹਿਗੜ੍ਹ ਸਾਹਿਬ, 21 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕੀਤੇ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ। ਇਸ ਮੌਕੇ ਉਨ੍ਹਾਂ ਨੇ ਚੋਣ ਕਮਿਸ਼ਨ ਦੀ ਐਸ.ਆਈ.ਆਰ. ਪ੍ਰਕਿਰਿਆ, ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਵਿਕਾਸ ਸਬੰਧੀ ਖੁੱਲ੍ਹ ਕੇ ਵਿਚਾਰ ਪ੍ਰਗਟ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਕਿਸੇ ਵੀ ਅਸਲੀ ਵੋਟਰ ਦੀ ਵੋਟ ਕੱਟਣ ਨਹੀਂ ਦੇਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਹੋਰ ਰਾਜਾਂ ਦੀ ਤਰ੍ਹਾਂ ਪੰਜਾਬ ਵਿੱਚ ਵੀ ਇਸ ਪ੍ਰਕਿਰਿਆ ਦੀ ਦੁਰਵਰਤੋਂ ਕਰ ਸਕਦੀ ਹੈ, ਪਰ ਸੂਬਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਹਰ ਅਸਲੀ ਵੋਟਰ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਮੁੱਖ ਮੰਤਰੀ ਆਮ ਲੋਕਾਂ ਤੋਂ ਦੂਰ ਰਹਿੰਦੇ ਸਨ ਅਤੇ ਆਪਣੇ ਆਲੀਸ਼ਾਨ ਘਰਾਂ ਤੱਕ ਹੀ ਸੀਮਤ ਰਹਿੰਦੇ ਸਨ, ਜਦਕਿ ਉਹ ਖੁਦ 24 ਘੰਟੇ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਉਨ੍ਹਾਂ ਲਈ ਸਿਰਫ਼ ਰਾਜਨੀਤੀ ਨਹੀਂ, ਸਗੋਂ ਜ਼ਿੰਮੇਵਾਰੀ ਹੈ।

ਪਿਛਲੀਆਂ ਸਰਕਾਰਾਂ ‘ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਆਗੂਆਂ ਨੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਵੱਡੀ ਦੌਲਤ ਇਕੱਠੀ ਕੀਤੀ ਅਤੇ ਆਮ ਲੋਕਾਂ ਤੋਂ ਦੂਰੀ ਬਣਾਈ ਰੱਖੀ। ਉਨ੍ਹਾਂ ਕਿਹਾ ਕਿ ਜਦੋਂ ਆਗੂ ਲੋਕਾਂ ਦੀ ਆਵਾਜ਼ ਸੁਣਨੀ ਬੰਦ ਕਰ ਦਿੰਦੇ ਹਨ ਤਾਂ ਲੋਕ ਵੀ ਅਜਿਹੇ ਆਗੂਆਂ ਨੂੰ ਨਕਾਰ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਣੇ ਹੋ ਚੁੱਕੇ ਹਨ ਅਤੇ ਉਹ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਹੀਂ ਬਣਦੇ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਹਮੇਸ਼ਾ ਆਪਣੇ ਪਰਿਵਾਰਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਅਤੇ ਸੂਬੇ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ।

ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਦੂਰ ਹਨ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਮੁੱਢਲੀਆਂ ਸਮੱਸਿਆਵਾਂ ਅਤੇ ਖੇਤੀਬਾੜੀ ਬਾਰੇ ਵੀ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਪੰਜਾਬ ਨੂੰ ਸਮਝਦਾ ਹੀ ਨਹੀਂ, ਉਹ ਸੂਬੇ ਦੀ ਅਗਵਾਈ ਕਿਵੇਂ ਕਰ ਸਕਦਾ ਹੈ।

ਭਗਵੰਤ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਮਿਲੀ, ਜਿਸ ਕਾਰਨ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਗਲਤੀਆਂ ਨੂੰ ਕਦੇ ਨਹੀਂ ਭੁੱਲਣਗੇ।

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੁੜ ਵਿਕਾਸ ਦੀ ਲੀਹ ‘ਤੇ ਆ ਗਿਆ ਹੈ ਅਤੇ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ ਜੋ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ।

ਕਾਂਗਰਸ ਪਾਰਟੀ ‘ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਅੰਦਰੂਨੀ ਖਿੱਚੋਤਾਣ ਦਾ ਸ਼ਿਕਾਰ ਹੈ ਅਤੇ ਉਸ ਕੋਲ ਨਾ ਤਾਂ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਹੈ ਅਤੇ ਨਾ ਹੀ ਭਵਿੱਖ ਲਈ ਕੋਈ ਰੋਡਮੈਪ। ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ਼ ਸੱਤਾ ਹਾਸਲ ਕਰਨ ਦੀ ਰਾਜਨੀਤੀ ਕਰਦੀ ਹੈ, ਜਦਕਿ ਮੌਜੂਦਾ ਸਰਕਾਰ ਲੋਕ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande