
ਚੰਡੀਗੜ੍ਹ, 21 ਜੂਨ (ਹਿੰ.ਸ.)| 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ਾਲ ਯੋਗ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਕੇਂਦਰੀ ਮੰਤਰੀਆਂ, ਰਾਜ ਸਭਾ ਮੈਂਬਰਾਂ ਅਤੇ ਹੋਰ ਪਤਵੰਤਿਆਂ ਨੇ ਸ਼ਮੂਲੀਅਤ ਕਰਕੇ ਯੋਗ ਅਭਿਆਸ ਕੀਤਾ। ਇਸ ਦੌਰਾਨ ਯੋਗ ਨੂੰ ਭਾਰਤ ਦੀ ਪ੍ਰਾਚੀਨ ਵਿਰਾਸਤ ਦੱਸਦਿਆਂ ਲੋਕਾਂ ਨੂੰ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।
ਕਰਨਾਲ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੇਂਦਰੀ ਊਰਜਾ, ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਇੱਕ ਦਿਨ ਦਾ ਪ੍ਰੋਗਰਾਮ ਨਹੀਂ, ਸਗੋਂ ਇਸ ਨੂੰ ਜੀਵਨ ਦਾ ਸਥਾਈ ਹਿੱਸਾ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਯੋਗ ਸਰੀਰ, ਮਨ ਅਤੇ ਆਤਮਾ ਨੂੰ ਜੋੜਨ ਵਾਲਾ ਸਭ ਤੋਂ ਸਰਲ ਅਤੇ ਪ੍ਰਭਾਵਸ਼ਾਲੀ ਸਾਧਨ ਹੈ, ਜੋ ਮਨੁੱਖ ਨੂੰ ਤੰਦਰੁਸਤ ਅਤੇ ਸ਼ਾਂਤਮਈ ਜੀਵਨ ਜਿਊਣ ਦੀ ਪ੍ਰੇਰਣਾ ਦਿੰਦਾ ਹੈ।
ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ 11 ਦਸੰਬਰ 2014 ਨੂੰ ਸੰਯੁਕਤ ਰਾਸ਼ਟਰ ਮਹਾਸਭਾ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਸੀ। ਅੱਜ ਯੋਗ ਨਾ ਸਿਰਫ਼ ਭਾਰਤ ਵਿੱਚ, ਸਗੋਂ ਦੁਨੀਆ ਭਰ ਵਿੱਚ ਸਿਹਤ ਅਤੇ ਤੰਦਰੁਸਤੀ ਦੇ ਪ੍ਰਤੀਕ ਵਜੋਂ ਅਪਣਾਇਆ ਜਾ ਰਿਹਾ ਹੈ।
ਪਲਵਲ ਵਿੱਚ ਕਰਵਾਏ ਗਏ ਯੋਗ ਸਮਾਗਮ ਵਿੱਚ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਨੂੰ ਯੋਗ ਨਾਲ ਜੋੜਨ ਦਾ ਇਤਿਹਾਸਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਯੋਗ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਤਣਾਅ ਨੂੰ ਦੂਰ ਕਰਕੇ ਜੀਵਨ ਵਿੱਚ ਸਕਾਰਾਤਮਕਤਾ ਲਿਆਉਂਦਾ ਹੈ।
ਝੱਜਰ ਵਿੱਚ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ, ਸਗੋਂ ਮਨ, ਤਨ ਅਤੇ ਆਤਮਾ ਦੇ ਸੁਮੇਲ ਦੀ ਕਲਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਨੂੰ ਰਾਸ਼ਟਰ ਨਿਰਮਾਣ ਵਿੱਚ ਲਗਾਉਣ ਦਾ ਸੱਦਾ ਦਿੱਤਾ।
ਇਸੇ ਤਰ੍ਹਾਂ ਸੋਨੀਪਤ ਵਿੱਚ ਰਾਜ ਸਭਾ ਮੈਂਬਰ ਕਾਰਤੀਕੇਯ ਸ਼ਰਮਾ ਨੇ ਕਿਹਾ ਕਿ ਯੋਗ ਸਿਹਤਮੰਦ ਸਰੀਰ, ਸ਼ਾਂਤ ਮਨ ਅਤੇ ਸੰਤੁਲਿਤ ਜੀਵਨ ਜਿਊਣ ਦੀ ਕਲਾ ਹੈ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਪਤੰਜਲੀ ਵੱਲੋਂ ਦਿੱਤੀ ਗਈ ਯੋਗ ਦੀ ਵਿਦਿਆ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਨਵੀਂ ਪਛਾਣ ਦਿਵਾਈ ਹੈ ਅਤੇ ਇਸ ਨੂੰ ਜਨ-ਅੰਦੋਲਨ ਦਾ ਰੂਪ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH