
ਲੁਧਿਆਣਾ, 22 ਜੂਨ (ਹਿੰ.ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਆਰ.ਐੱਮ.ਸੀ. (ਰੈਡੀ ਮਿਕਸ ਕੰਕਰੀਟ) ਨਾਲ ਬਣਨ ਵਾਲੀ 22 ਫੁੱਟੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਨਿਰਮਾਣ ’ਤੇ ਕਰੀਬ 1.5 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਕੌਂਸਲਰ ਪੁਸ਼ਪਿੰਦਰ ਭਨੋਟ, ਕੌਂਸਲਰ ਨਰਿੰਦਰ ਭਾਰਦਵਾਜ, ਗੁਰਵੀਰ ਗੋਲੂ ਬਾਜਵਾ ਸਮੇਤ ਇਲਾਕੇ ਦੇ ਵਸਨੀਕ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਵਿਧਾਇਕ ਮਦਨ ਲਾਲ ਬੱਗਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਪਣੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਉੱਤਰੀ ਵਿੱਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸ਼ਨ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ 22 ਫੁੱਟੀ ਸੜਕ ਹਜ਼ਾਰਾਂ ਲੋਕਾਂ ਨੂੰ ਬਿਹਤਰ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਖੇਤਰ ਦੀ ਟਰੈਫਿਕ ਵਿਵਸਥਾ ਨੂੰ ਵੀ ਸੁਚਾਰੂ ਬਣਾਏਗੀ।
ਬੱਗਾ ਨੇ ਦੱਸਿਆ ਕਿ ਆਰ.ਐੱਮ.ਸੀ. ਸੜਕਾਂ ਵਧੇਰੇ ਮਜ਼ਬੂਤ ਅਤੇ ਟਿਕਾਊ ਹੁੰਦੀਆਂ ਹਨ, ਜਿਸ ਨਾਲ ਲੋਕਾਂ ਨੂੰ ਲੰਬੇ ਸਮੇਂ ਤੱਕ ਉੱਚ ਗੁਣਵੱਤਾ ਵਾਲੀ ਸੜਕ ਸਹੂਲਤ ਮਿਲੇਗੀ। ਪੰਜਾਬ ਸਰਕਾਰ ਵੱਲੋਂ ਮੁਫ਼ਤ ਇਲਾਜ ਲਈ ਪ੍ਰਤੀ ਪਰਿਵਾਰ 10 ਲੱਖ ਰੁਪਏ ਦੀ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ “ਮਾਵਾਂ ਧੀਆਂ ਯੋਜਨਾ” ਤਹਿਤ ਜਲਦ ਹੀ ਹਰ ਐੱਸ.ਸੀ. ਮਹਿਲਾ ਦੇ ਖਾਤੇ ਵਿੱਚ 1500 ਰੁਪਏ ਅਤੇ ਜਨਰਲ ਵਰਗ ਨਾਲ ਸਬੰਧਤ ਮਹਿਲਾਵਾਂ ਦੇ ਖਾਤਿਆਂ ਵਿੱਚ 1000-1000 ਰੁਪਏ ਟਰਾਂਸਫਰ ਕੀਤੇ ਜਾਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ