
ਫਾਜ਼ਿਲਕਾ, 22 ਜੂਨ (ਹਿੰ.ਸ.)| ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿਹਤ ਵਿਭਾਗ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 28 ਜੂਨ ਤੋਂ 30 ਜੂਨ 2026 ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ।
ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ, ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਬੱਚਾ ਪੋਲੀਓ ਖੁਰਾਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਵੀ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਭਾਵੇਂ ਦੇਸ਼ ਵਿੱਚੋਂ ਪੋਲੀਓ ਦਾ ਲਗਭਗ ਖਾਤਮਾ ਹੋ ਚੁੱਕਾ ਹੈ, ਪਰ ਗੁਆਂਢੀ ਦੇਸ਼ਾਂ ਤੋਂ ਇਸ ਬਿਮਾਰੀ ਦੇ ਫੈਲਣ ਦਾ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਲਗਭਗ 1 ਲੱਖ 42 ਹਜ਼ਾਰ ਬੱਚਿਆਂ ਨੂੰ ਕਵਰ ਕਰਨ ਲਈ 565 ਪੋਲੀਓ ਬੂਥ ਅਤੇ 19 ਟਰਾਂਜ਼ਿਟ ਪੋਲੀਓ ਬੂਥ ਸਥਾਪਤ ਕੀਤੇ ਗਏ ਹਨ। ਇਸ ਮੁਹਿੰਮ ਲਈ 113 ਸੁਪਰਵਾਈਜ਼ਰ ਅਤੇ 1130 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਰੀਬ 1.96 ਲੱਖ ਘਰਾਂ ਵਿੱਚ ਜਾ ਕੇ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਉਣਗੀਆਂ।
ਸਿਹਤ ਵਿਭਾਗ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ। ਭਾਵੇਂ ਬੱਚਾ ਪਹਿਲਾਂ ਰੁਟੀਨ ਟੀਕਾਕਰਨ ਅਧੀਨ ਖੁਰਾਕ ਲੈ ਚੁੱਕਾ ਹੋਵੇ ਜਾਂ ਬਿਮਾਰ ਹੋਵੇ, ਫਿਰ ਵੀ ਪੋਲੀਓ ਦੀਆਂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH