
ਚੰਡੀਗੜ੍ਹ, 22 ਜੂਨ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ, ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਸਹੂਲਤਾਂ ਵਿੱਚ ਸੁਧਾਰ ਲਈ ਕਈ ਅਹਿਮ ਫੈਸਲੇ ਲਏ ਹਨ। ਕੈਬਨਿਟ ਨੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ ਕੀਤੇ ਜਾਣ ਵਾਲੇ ਫੀਸ ਵਾਧੇ ਨੂੰ ਕੰਟਰੋਲ ਕਰਨ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਆਰਡੀਨੈਂਸ ਦਾ ਉਦੇਸ਼ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਣ ਵਾਲੇ ਬੇਲੋੜੇ ਅਤੇ ਮਨਮਰਜ਼ੀ ਵਾਲੇ ਫੀਸ ਵਾਧੇ ਨੂੰ ਰੋਕਣਾ ਹੈ। ਨਵੇਂ ਨਿਯਮਾਂ ਤਹਿਤ ਗੈਰ-ਸਹਾਇਤਾ ਪ੍ਰਾਪਤ ਸਕੂਲ ਸਾਲਾਨਾ ਫੀਸ ਵਿੱਚ ਵੱਧ ਤੋਂ ਵੱਧ 5 ਫੀਸਦੀ ਤੱਕ ਵਾਧਾ ਕਰ ਸਕਣਗੇ। ਜੇਕਰ ਕੋਈ ਸਕੂਲ ਇਸ ਤੋਂ ਵੱਧ ਫੀਸ ਵਧਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਰੈਗੂਲੇਟਰੀ ਬਾਡੀ ਤੋਂ ਪਹਿਲਾਂ ਮਨਜ਼ੂਰੀ ਲੈਣੀ ਪਵੇਗੀ। ਸਰਕਾਰ ਦਾ ਕਹਿਣਾ ਹੈ ਕਿ ਇਸ ਸੋਧ ਦਾ ਉਦੇਸ਼ ਫੀਸ, ਫੀਸ ਵਾਧੇ ਅਤੇ ਕੁੱਲ ਫੀਸ ਵਾਧੇ ਦੀਆਂ ਪਰਿਭਾਸ਼ਾਵਾਂ ਨੂੰ ਹੋਰ ਸਪੱਸ਼ਟ ਕਰਨਾ ਹੈ। ਇਸ ਦੇ ਨਾਲ ਹੀ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਚਾਨਕ ਅਤੇ ਬੇਲੋੜੇ ਫੀਸ ਵਾਧੇ ਤੋਂ ਸੁਰੱਖਿਆ ਮਿਲੇਗੀ ਅਤੇ ਸਕੂਲਾਂ ਦੇ ਫੀਸ ਢਾਂਚੇ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।ਕੈਬਨਿਟ ਵੱਲੋਂ ਕੀਤੀ ਸੋਧ ਮੁਤਾਬਕ ਹੁਣ 5 ਫੀਸਦੀ ਤੋਂ ਵੱਧ ਕਿਸੇ ਵੀ ਫੀਸ ਵਾਧੇ ਲਈ ਸਕੂਲਾਂ ਨੂੰ ਰੈਗੂਲੇਟਰੀ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ। ਸਰਕਾਰ ਨੇ ਕਿਹਾ ਕਿ ਇਹ ਕਦਮ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ ਅਤੇ ਇਸ ਨਾਲ ਸਿੱਖਿਆ ਖੇਤਰ ਵਿੱਚ ਵਧੇਰੇ ਜਵਾਬਦੇਹੀ ਆਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH