ਝੋਨੇ ਦੇ ਬੌਣੇ ਰੋਗ ਦੀ ਰੋਕਥਾਮ ਅਤੇ ਮਿੱਟੀ ਦੀ ਸਿਹਤ ਸੁਧਾਰਨ ਲਈ ਵਿਗਿਆਨਕ ਤਕਨੀਕਾਂ ਅਪਣਾਉਣ ਦਾ ਸੱਦਾ
ਬਠਿੰਡਾ,22 ਜੂਨ (ਹਿੰ.ਸ.)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਅਤੇ ਖੇਤੀਬਾੜੀ ਵਿਭਾਗ, ਬਠਿੰਡਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੇ.ਵੀ.ਕੇ. ਬਠਿੰਡਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਅਤੇ ਹੋਰ ਫਸਲਾਂ ਦੀ
ਕਿਸਾਨ ਜਾਗਰੂਕਤਾ ਕੈਂਪ ਦੌਰਾਨ ਵਿਭਾਗ ਦੇ ਅਧਿਕਾਰੀ ਅਤੇ ਕਿਸਾਨ।


ਬਠਿੰਡਾ,22 ਜੂਨ (ਹਿੰ.ਸ.)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਅਤੇ ਖੇਤੀਬਾੜੀ ਵਿਭਾਗ, ਬਠਿੰਡਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੇ.ਵੀ.ਕੇ. ਬਠਿੰਡਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਅਤੇ ਹੋਰ ਫਸਲਾਂ ਦੀ ਵਿਗਿਆਨਕ ਕਾਸ਼ਤ, ਫਸਲ ਸੁਰੱਖਿਆ, ਮਿੱਟੀ ਦੀ ਸਿਹਤ ਸੰਭਾਲ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨਾ ਸੀ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲੈ ਕੇ ਖੇਤੀਬਾੜੀ ਮਾਹਿਰਾਂ ਤੋਂ ਨਵੀਆਂ ਤਕਨੀਕਾਂ ਅਤੇ ਸਿਫਾਰਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਕੈਂਪ ਦੀ ਸ਼ੁਰੂਆਤ ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬਾੜੀ ਅਫਸਰ, ਬਠਿੰਡਾ ਨੇ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਗਿਆਨਕ ਖੇਤੀ ਤਕਨੀਕਾਂ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਕਿਸਾਨਾਂ ਨੂੰ ਵਿਭਾਗ ਅਤੇ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਫਸਲੀ ਪ੍ਰਬੰਧ ਕਰਨੇ ਚਾਹੀਦੇ ਹਨ।

ਇਸ ਮੌਕੇ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਝੋਨੇ ਵਿੱਚ ਪਾਏ ਜਾਣ ਵਾਲੇ ਬੌਣੇ ਰੋਗ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਰੋਗ ਦੇ ਮੁੱਢਲੇ ਲੱਛਣਾਂ ਦੀ ਪਛਾਣ, ਇਸ ਦੇ ਫੈਲਾਅ ਦੇ ਕਾਰਨਾਂ ਅਤੇ ਪ੍ਰਭਾਵੀ ਰੋਕਥਾਮ ਸਬੰਧੀ ਵਿਗਿਆਨਕ ਸਿਫਾਰਸ਼ਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਨਿਗਰਾਨੀ ਅਤੇ ਸਹੀ ਪ੍ਰਬੰਧਨ ਨਾਲ ਫਸਲ ਨੂੰ ਹੋਣ ਵਾਲੇ ਨੁਕਸਾਨ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਦਾ ਮੁਆਇਨਾ ਕਰਨ ਅਤੇ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਤੁਰੰਤ ਮਾਹਿਰਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

ਇਸ ਦੌਰਾਨ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਮਿੱਟੀ ਦੀ ਸਿਹਤ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਣ ਲਈ ਸੰਯੁਕਤ ਖਾਦ ਪ੍ਰਬੰਧਨ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜੀਵਾਣੂ ਖਾਦਾਂ, ਹਰੀ ਖਾਦ ਅਤੇ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਦੇ ਲਾਭਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਹਨਾਂ ਦੱਸਿਆ ਕਿ ਹਰੀ ਖਾਦ ਪਿੱਛੋਂ ਬੀਜੀ ਜਾਣ ਵਾਲੀ ਝੋਨੇ ਦੀ ਫ਼ਸਲ ਨੂੰ ਫ਼ਾਸਫ਼ੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ। ਖੇਤਾਂ ਵਿੱਚ ਝੋਨੇ ਦੀ ਪਨੀਰੀ ਲਾਉਣ ਤੋਂ ਇੱਕ ਦਿਨ ਪਹਿਲਾਂ ਹਰੀ ਖਾਦ ਦੀ ਫ਼ਸਲ ਨੂੰ ਦੱਬ ਦਿਉ। ਇਸ ਤਰ੍ਹਾਂ 6-8 ਹਫ਼ਤੇ ਦੀ ਹਰੀ ਖਾਦ ਦੱਬਣ ਨਾਲ 25 ਕਿਲੋ ਨਾਈਟ੍ਰੋਜਨ ਤੱਤ (55 ਕਿਲੋ ਯੂਰੀਆ) ਦੀ ਪ੍ਰਤੀ ਏਕੜ ਬੱਚਤ ਹੋ ਜਾਂਦੀ ਹੈ। ਜੇਕਰ ਮੂੰਗੀ ਦੀ ਫ਼ਸਲ, ਫ਼ਲੀਆਂ ਤੋੜ ਕੇ ਪਨੀਰੀ ਲਾਉਣ ਤੋਂ ਇੱਕ ਦਿਨ ਪਹਿਲਾਂ ਖੇਤ ਵਿੱਚ ਦਬਾਈ ਜਾਵੇ ਤਾਂ ਨਾਈਟ੍ਰੋਜਨ ਵਾਲੀ ਖਾਦ ਤੀਜਾ ਹਿੱਸਾ ਘਟਾ ਦਿਉ। ਕਲਰਾਠੀਆਂ ਅਤੇ ਨਵੀਆਂ ਵਾਹੀ ਯੋਗ ਜ਼ਮੀਨਾਂ ਵਿੱਚ ਢੈਂਚੇ ਦੀ ਹਰੀ ਖਾਦ ਨੂੰ ਤਰਜੀਹ ਦਿਉ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande