
ਅਬੋਹਰ, 23 ਜੂਨ (ਹਿੰ.ਸ.)| ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਬੋਹਰ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਮਹਿਲਾਵਾਂ ਸਮੇਤ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਨੰਬਰ-1 ਦੇ ਮੁਖੀ ਮਨਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੱਕ ਪਹੁੰਚ ਬਣਾਈ ਜਾ ਸਕੇ।
ਪਹਿਲੀ ਕਾਰਵਾਈ ਦੌਰਾਨ ਸਹਾਇਕ ਥਾਣੇਦਾਰ ਮੋਹਨ ਲਾਲ ਦੀ ਟੀਮ ਅਜੀਤ ਨਗਰ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਤਿੰਨ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ, ਜਿਸ ਦੌਰਾਨ 40 ਨਸ਼ੀਲੀਆਂ ਗੋਲੀਆਂ ਅਤੇ 2 ਗ੍ਰਾਮ ਹੈਰੋਇਨ ਬਰਾਮਦ ਹੋਈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਜੀਤ ਨਗਰ ਵਾਸੀ ਜੱਗਾ ਸਿੰਘ, ਢਾਣੀ ਕੜਾਕਾ ਸਿੰਘ ਦੇ ਰਹਿਣ ਵਾਲੇ ਕੁਲਵੰਤ ਸਿੰਘ ਅਤੇ ਧਰਮ ਨਗਰੀ ਨਿਵਾਸੀ ਪ੍ਰਕਾਸ਼ ਵਜੋਂ ਹੋਈ ਹੈ। ਦੂਜੀ ਕਾਰਵਾਈ ਐਚਸੀ ਹਰਸ਼ ਕੁਮਾਰ ਦੀ ਟੀਮ ਵੱਲੋਂ ਲਿੰਕ ਰੋਡ ਢਾਣੀ ਮਸੀਤ ਨੇੜੇ ਕੀਤੀ ਗਈ। ਗਸ਼ਤ ਦੌਰਾਨ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਸ਼ੱਕੀ ਹਾਲਾਤਾਂ ਵਿੱਚ ਜ਼ਮੀਨ ’ਤੇ ਘੇਰਾ ਬਣਾ ਕੇ ਬੈਠੇ ਦੇਖਿਆ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ, ਜਿਸ ਦੌਰਾਨ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਪੁਲਿਸ ਅਨੁਸਾਰ ਤਿੰਨ ਵੱਖ-ਵੱਖ ਕਾਰਵਾਈਆਂ ਦੌਰਾਨ ਕੁੱਲ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਦੋ ਮਹਿਲਾਵਾਂ ਵੀ ਸ਼ਾਮਲ ਹਨ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਨਸ਼ੇ ਦੀ ਸਪਲਾਈ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਕੰਮ ਕਰ ਰਿਹਾ ਹੈ। ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH