
ਚੰਡੀਗੜ੍ਹ, 23 ਜੂਨ (ਹਿੰ.ਸ.)| ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵਿਚਾਲੇ ਜਲ ਸਰੋਤਾਂ ਨਾਲ ਸਬੰਧਤ ਮੁੱਦਿਆਂ ’ਤੇ ਇੱਕ ਅਹਿਮ ਮੀਟਿੰਗ ਹੋਈ। ਇਸ ਬੈਠਕ ਵਿੱਚ ਦੋਵਾਂ ਰਾਜਾਂ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਸਾਲ 1994 ਦੇ ਅੱਪਰ ਯਮੁਨਾ ਰਿਵਰ ਬੋਰਡ ਸਮਝੌਤੇ ਤਹਿਤ ਰਾਜਸਥਾਨ ਦੇ ਹਿੱਸੇ ਦੇ ਪਾਣੀ ਦੀ ਸਪਲਾਈ ਦੇ ਮੁੱਦੇ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਫੈਸਲਾ ਲਿਆ ਗਿਆ ਕਿ ਸਮਝੌਤੇ ਅਨੁਸਾਰ ਰਾਜਸਥਾਨ ਨੂੰ ਉਸ ਦਾ ਨਿਰਧਾਰਤ ਪਾਣੀ ਪਾਈਪਲਾਈਨ ਰਾਹੀਂ ਉਪਲਬਧ ਕਰਵਾਇਆ ਜਾਵੇਗਾ। ਇਸ ਸਬੰਧੀ ਜਲਦੀ ਹੀ ਸਮਝੌਤਾ ਪੱਤਰ ’ਤੇ ਹਸਤਾਖਰ ਕੀਤੇ ਜਾਣਗੇ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਸਥਾਨ ਦੇ ਜਲ ਅਧਿਕਾਰਾਂ ਦਾ ਸਨਮਾਨ ਕਰਦੀ ਹੈ ਅਤੇ ਸਮਝੌਤੇ ਅਨੁਸਾਰ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਾਂ ਵਿਚਾਲੇ ਸਹਿਯੋਗ ਅਤੇ ਤਾਲਮੇਲ ਨਾਲ ਜਲ ਸਰੋਤਾਂ ਦਾ ਬਿਹਤਰ ਪ੍ਰਬੰਧਨ ਸੰਭਵ ਹੈ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਰਾਜ ਸਿਰਫ਼ ਆਪਣੇ ਹਿੱਸੇ ਦੇ ਪਾਣੀ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਵਾਧੂ ਪਾਣੀ ਦੀ ਪ੍ਰਭਾਵਸ਼ਾਲੀ ਵਰਤੋਂ ਕਰਕੇ ਰਾਜਸਥਾਨ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਰੇਣੂਕਾ, ਕਿਸ਼ਾਊ ਅਤੇ ਲਖਵਾਰ ਡੈਮ ਪ੍ਰੋਜੈਕਟਾਂ ’ਤੇ ਵੀ ਚਰਚਾ ਹੋਈ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਇਹ ਪ੍ਰੋਜੈਕਟ ਉੱਤਰੀ ਭਾਰਤ ਲਈ ਬਹੁਤ ਮਹੱਤਵਪੂਰਨ ਹਨ ਅਤੇ ਇਨ੍ਹਾਂ ਨੂੰ ਜਲਦੀ ਅਮਲੀ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਘੱਗਰ ਨਦੀ ਵਿੱਚ ਡਿੱਗਦੇ ਦੂਸ਼ਿਤ ਪਾਣੀ ਦੇ ਮੁੱਦੇ ’ਤੇ ਵੀ ਚਿੰਤਾ ਪ੍ਰਗਟਾਈ ਗਈ। ਇਸ ਲਈ ਟ੍ਰੀਟਮੈਂਟ ਪਲਾਂਟ ਸਥਾਪਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਤਾਂ ਜੋ ਜਲ ਸਰੋਤਾਂ ਦੀ ਸਵੱਛਤਾ ਅਤੇ ਵਾਤਾਵਰਣ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਮੁੱਦਿਆਂ ’ਤੇ ਜਲਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਰਾਜਾਂ ਵਿਚਾਲੇ ਬਿਹਤਰ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੱਤਾ।
ਹਿੰਦੂਸਥਾਨ ਸਮਾਚਾਰ / GURSHARAN SINGH